punjab govt punjab govt
Home / ਧਰਮ ਤੇ ਦਰਸ਼ਨ / ਸ਼ਬਦ ਵਿਚਾਰ 81 – ਜਪੁ ਜੀ ਸਾਹਿਬ -ਪਉੜੀ 5

ਸ਼ਬਦ ਵਿਚਾਰ 81 – ਜਪੁ ਜੀ ਸਾਹਿਬ -ਪਉੜੀ 5

ਸ਼ਬਦ ਵਿਚਾਰ – 81

ਜਪੁ ਜੀ ਸਾਹਿਬ – ਪਉੜੀ 5

ਡਾ. ਗੁਰਦੇਵ ਸਿੰਘ*

ਗਿਆਨ ਦੇ ਰਾਹੀਂ ਉਸ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ ਹੈ। ਗਿਆਨ ਗੁਰੂ ਤੋਂ ਪ੍ਰਾਪਤ ਹੁੰਦਾ ਹੈ। ਗੁਰੂ ਹੀ ਉਹ ਗਿਆਨ ਦਿੰਦਾ ਹੈ ਜਿਸ ਤੋਂ ਇਹ ਸਮਝ ਆਉਂਦੀ ਪ੍ਰਮਾਤਮਾ ਤਕ ਕਿਵੇਂ ਅਪੜਿਆ ਜਾ ਸਕਦਾ ਹੈ। ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ ਉਸ ਨੇ ਸਭ ਕੁਝ ਪਾ ਲਿਆ ਸਮਝੋ। ਉਸ ਮਨੁੱਖ ਦੀ ਅਰਦਾਸ ਵੀ ਦਾਤਾਰ ਅੱਗੇ ਵੀ ਇਹ ਹੀ ਹੁੰਦੀ ਹੈ ਕਿ ਪ੍ਰਭੂ ਪ੍ਰਮਾਤਮਾ ਕਦੇ ਭੁੱਲੇ ਨਾਹ। ਜਪੁਜੀ ਸਾਹਿਬ ਦੀ ਬਾਣੀ ਦੀ ਚਲ ਰਹੀ ਵਿਚਾਰ ਵਿੱਚ ਅੱਜ ਅਸੀਂ ਪੰਜਵੀਂ ਪਉੜੀ ਦੀ ਵਿਚਾਰ ਕਰਾਂਗੇ ਜਿਸ ਵਿੱਚ ਗੁਰੂ ਸਾਹਿਬ ਸਾਨੂੰ ਵਿਸ਼ੇਸ਼ ਉਪਦੇਸ਼ ਦੇ ਰਹੇ ਹਨ:

 ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ ॥

ਜਿਨਿ ਸੇਵਿਆ ਤਿਨਿ ਪਾਇਆ ਮਾਨੁ॥ ਨਾਨਕ ਗਾਵੀਐ ਗੁਣੀ ਨਿਧਾਨੁ ॥

ਗਾਵੀਐ ਸੁਣੀਐ ਮਨਿ ਰਖੀਐ ਭਾਉ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥

ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥

ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

ਵਿਆਖਿਆ

ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ (ਕਿਉਂਕਿ) ਉਹ ਨਿਰੋਲ ਆਪ ਹੀ ਆਪ ਹੈ, ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।

ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ। ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤਿ-ਸਾਲਾਹ ਕਰੀਏ।

(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸ ਦਾ ਪ੍ਰੇਮ ਟਿਕਾਈਏ। (ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।

(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ। ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।

ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ। (ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ।5।

ਸੋ ਪ੍ਰੇਮ ਨੂੰ ਮਨ ਵਿਚ ਵਸਾ ਕੇ ਜੋ ਮਨੁੱਖ ਪ੍ਰਭੂ ਦੀ ਯਾਦ ਵਿੱਚ ਜੁੜਦਾ ਹੈ ਉਸ ਦੇ ਹਿਰਦੇ ਵਿਚ ਸਦਾ ਸੁਖ ਤੇ ਸ਼ਾਂਤੀ ਦਾ ਨਿਵਾਸ ਹੁੰਦਾ ਹੈ। ਪਰ ਇਹ ਯਾਦ, ਇਹ ਬੰਦਗੀ, ਗੁਰੂ ਪਾਸੋਂ ਮਿਲਦੀ ਹੈ। ਗੁਰੂ ਹੀ ਇਹ ਦ੍ਰਿੜ ਕਰਦਾ ਹੈ ਕਿ ਪ੍ਰਭੂ ਹਰ ਥਾਂ ਵੱਸ ਰਿਹਾ ਹੈ, ਗੁਰੂ ਦੀ ਰਾਹੀਂ ਹੀ ਜੀਵ ਦੀ ਪ੍ਰਭੂ ਨਾਲੋਂ ਵਿੱਥ ਦੂਰ ਹੁੰਦੀ ਹੈ। ਤਾਂ ਤੇ ਗੁਰੂ ਪਾਸੋਂ ਹੀ ਬੰਦਗੀ ਦੀ ਦਾਤ ਮੰਗੀਏ। ਸ਼ਬਦ ਵਿਚਾਰ ਅਗਲੀ ਲੜੀ ਵਿੱਚ ਜਪੁਜੀ ਸਾਹਿਬ ਦੀ ਛੇਵੀਂ ਪਉੜੀ ਦੀ ਵਿਚਾਰ ਕਰਾਂਗੇ। ਇਸ ਸਬੰਧੀ ਆਪ ਜੀ ਦਾ ਜੇ ਕੋਈ ਵਿਚਾਰ ਹੋਵੇ ਤਾਂ ਆਪ ਜੀ ਸਾਡੇ ਨਾਲ ਜ਼ਰੂਰ ਸ਼ਾਂਝਾ ਕਰੋ ਜੀ।

*gurdevsinghdr@gmail.com

Check Also

ਧੰਨੁ ਧੰਨੁ ਰਾਮਦਾਸ ਗੁਰੁ – ਸਿਦਕ ਤੇ ਸੇਵਾ ਦੇ ਪਿੜ ਵਿੱਚ ਸਭ ਤੋਂ ਉੱਚਾ ਨਾਂ

-ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ; ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪਿਤਾ ਹਰਦਾਸ ਜੀ ਦੇ ਗ੍ਰਹਿ …

Leave a Reply

Your email address will not be published. Required fields are marked *