ਸ਼ਬਦ ਵਿਚਾਰ 83- ਜਪੁ ਜੀ ਸਾਹਿਬ – ਪਉੜੀ 7

TeamGlobalPunjab
3 Min Read

ਸ਼ਬਦ ਵਿਚਾਰ – 83

ਜਪੁ ਜੀ ਸਾਹਿਬ – ਪਉੜੀ 7

ਡਾ. ਗੁਰਦੇਵ ਸਿੰਘ*

ਪੂਰੀ ਕਾਇਨਾਤ ਵਿੱਚ ਜੇ ਕਿਸੇ ਮਨੁੱਖ ਦੀ ਜੈ ਜੈ ਕਾਰ ਹੋ ਜਾਵੇ। ਅਰਬਾਂ ਖਰਬਾਂ ਸਾਲ ਦੀ ਉਮਰ ਵੀ ਹੋ ਜਾਵੇ। ਹਰ ਕੋਈ ਉਸ ਮਨੁੱਖ ਦੇ ਨਾਮ ਨੂੰ ਜਾਣਦਾ ਹੋਵੇ। ਐਸੇ ਮਨੁੱਖ ਨੂੰ ਵੀ ਗੁਰਬਾਣੀ ਮਾਮੂਲੀ ਕੀੜੇ ਦੇ ਨਿਆਈ ਦਸਦੀ ਹੈ ਇਸ ਦਾ ਕੀ ਕਾਰਨ ਹੈ ਉਹ ਜਪੁਜੀ ਸਾਹਿਬ ਦੀ 7 ਪਉੜੀ ਵਿੱਚ ਗੁਰੂ ਸਾਹਿਬ ਸਾਨੂੰ ਸਮਝਾ ਰਹੇ ਹਨ।

ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥

- Advertisement -

ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥

ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥

ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ) ਹੋ ਜਾਏ, ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।

ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ, ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ) । (ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ (“ਖਸਮੈ ਨਦਰੀ ਕੀੜਾ ਆਵੈ”। ਆਸਾ ਮ: 1) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ।

ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ। ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ।7।

- Advertisement -

ਜਪੁਜੀ ਸਾਹਿਬ ਦੀ ਸੱਤਵੀਂ ਪਉੜੀ ਵਿੱਚ ਗੁਰੂ ਸਾਹਿਬ ਮਨੁੱਖ ਨੂੰ ਸਪਸ਼ਟ ਕਰਦੇ ਹਨ ਕਿ ਪ੍ਰਾਣਾਯਾਮ ਦੀ ਸਹਾਇਤਾ ਨਾਲ ਲੰਮੀ ਉਮਰ ਵਧਾਇਆਂ ਜਗਤ ਵਿਚ ਭਾਵੇਂ ਮਨੁੱਖ ਦਾ ਮਾਣ ਆਦਰ ਬਣ ਜਾਏ, ਪਰ ਜੇ ਉਹ ਬੁਲੰਦੀ ਦੇ ਗੁਣ ਤੋਂ ਸੱਖਣਾ ਹੈ, ਤਾਂ ਪ੍ਰਭੂ ਦੀ ਮਿਹਰ ਦਾ ਪਾਤਰ ਨਹੀਂ ਬਣਿਆ। ਪ੍ਰਭੂ ਦੀਆਂ ਨਜ਼ਰਾਂ ਵਿਚ ਤਾਂ ਸਗੋਂ ਉਹ ਨਾਮ-ਹੀਣ ਜੀਵ ਇਕ ਨਿੱਕਾ ਜਿਹਾ ਕੀੜਾ ਹੀ ਹੈ। ਇਹ ਬੰਦਗੀ ਵਾਲਾ ਗੁਣ ਜੀਵ ਨੂੰ ਪ੍ਰਭੂ ਦੀ ਮਿਹਰ ਨਾਲ ਹੀ ਮਿਲ ਸਕਦਾ ਹੈ। ਸ਼ਬਦ ਵਿਚਾਰ ਅਗਲੀ ਲੜੀ ਵਿੱਚ ਜਪੁਜੀ ਸਾਹਿਬ ਦੀ ਸੱਤਵੀਂ ਪਉੜੀ ਦੀ ਵਿਚਾਰ ਕਰਾਂਗੇ। ਇਸ ਸਬੰਧੀ ਆਪ ਜੀ ਦਾ ਜੇ ਕੋਈ ਵਿਚਾਰ ਹੋਵੇ ਤਾਂ ਆਪ ਜੀ ਸਾਡੇ ਨਾਲ ਜ਼ਰੂਰ ਸ਼ਾਂਝਾ ਕਰੋ ਜੀ।

*gurdevsinghdr@gmail.com

Share this Article
Leave a comment