ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਜਲਦ ਹੀ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਇਸ ਦੇ ਸੰਕੇਤ ਪੰਜਾਬ ਪ੍ਰਭਾਰੀ ਹਰੀਸ਼ ਰਾਵਤ ਨੇ ਦਿੱਤੇ ਹਨ। ਇਨ੍ਹਾਂ ਸੰਕੇਤਾਂ ਵਿੱਚ ਨਵਜੋਤ ਸਿੰਘ ਸਿੱਧੂ ਦਾ ਬਨਵਾਸ ਖਤਮ ਹੁੰਦਾ ਦਿਖਾਈ ਦੇ ਰਿਹਾ ਹੈ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦਾ ਭਵਿੱਖ ਹਨ। ਨਵਜੋਤ ਸਿੱਧੂ ਨੂੰ ਚਾਹੀਦਾ ਹੈ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ। ਦਿੱਲੀ ਜਾ ਕੇ ਗੱਲਬਾਤ ਕਰਕੇ ਸਿੱਧੂ ਮੁੜ ਸਿਆਸਤ ਵਿੱਚ ਐਕਟਿਵ ਹੋਣ ਅਤੇ ਲੋਕਤੰਤਰਿਕ ਸ਼ਕਤੀਆਂ ਨੂੰ ਇਕੱਠਾ ਕਰਨ।
ਹਰੀਸ਼ ਰਾਵਤ ਦਾ ਬਿਆਨ ਉਸ ਸਮੇਂ ਆਇਆ ਹੈ ਜਦੋਂ ਨਵਜੋਤ ਸਿੰਘ ਸਿੱਧੂ ਲਗਭਗ ਇੱਕ ਸਾਲ ਤੋਂ ਸਿਆਸੀ ਦੂਰੀ ਬਣਾਈ ਬੈਠੇ ਹਨ। ਅਜਿਹੇ ਵਿੱਚ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਭਵਿੱਖ ਦੱਸ ਦਿੱਤਾ। ਇਨ੍ਹਾਂ ਇਸ਼ਾਰਿਆਂ ਤੋਂ ਇਹ ਵੀ ਸਮਝਿਆ ਜਾ ਸਕਦਾ ਹੈ ਕਿ ਕਾਂਗਰਸ ਹਾਈਕਮਾਨ ਜਲਦ ਹੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ।
ਇਸ ਦੇ ਨਾਲ ਹੀ ਹਰੀਸ਼ ਰਾਵਤ ਨੇ ਇਹ ਵੀ ਕਿਹਾ ਕਿ ਉਹ ਲਗਾਤਾਰ ਸਿੱਧੂ ਦੇ ਨਾਲ ਸੰਪਰਕ ਵਿੱਚ ਹਨ ਅਤੇ ਜਲਦ ਹੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਕਰਵਾਈ ਜਾਵੇਗੀ। ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ ਇਸ ਵੱਲ ਪੁੱਛੇ ਜਾਣ ਤੇ ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਕੈਪਟਨ ਹਨ।