ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਬੁੱਤਾਂ ਦੇ ਨਾਲ-ਨਾਲ ਮੰਦਿਰਾਂ ਨੂੰ ਨਿਸ਼ਾਨਾ ਬਣਾ ਕੇ ਸ਼ਾਂਤੀ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਦੀ ਕੇਂਦਰੀ ਜਾਂਚ ਮੰਗੀ ਹੈ।
ਸੰਸਦ ਵਿਚ ਇਸ ਮਾਮਲੇ ’ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਿਛਲੇ ਤਿੰਨ ਮਹੀਨਿਆਂ ਵਿਚ ਤਿੰਨ ਵਾਰ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਬੁੱਤ ਨੂੰ ਨਿਸ਼ਾਨਾ ਬਣਾਇਆ ਗਿਆ ਪਰ ਆਮ ਆਦਮੀ ਪਾਰਟੀ ਸਰਕਾਰ ਉਹਨਾਂ ਦੀ ਰਾਖੀ ਕਰਨ ਤੇ ਇਸ ਘਟਲਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਵਿਚ ਨਾਕਾਮ ਰਹੀ ਹੈ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਇਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਠਾਕੁਰਵਾੜਾ ਵਿਖੇ ਇਕ ਬੰਬ ਸੁੱਟਿਆ ਗਿਆ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਸੂਬੇ ਵਿਚ ਫਿਰਕੂ ਵੰਡ ਪਾਉਣ ਲਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਵੱਲੋਂ ਬਾਬਾ ਸਾਹਿਬ ਦੇ ਬੁੱਤਾਂ ’ਤੇ ਹਮਲਿਆਂ ਦੀ ਜ਼ਿੰਮੇਵਾਰੀ ਲੈਣ ਦੇ ਬਾਵਜੂਦ ਆਪ ਸਰਕਾਰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ।
ਉਹਨਾਂ ਕਿਹਾ ਕਿ ਇਸ ਲਈ ਇਸ ਮਾਮਲੇ ਦੀ ਕੇਂਦਰੀ ਜਾਂਚ ਦੀ ਜ਼ਰੂਰਤ ਹੈ ਤਾਂ ਜੋ ਇਸ ਘਿਨੌਣੇ ਅਪਰਾਧ ਵਿਚ ਸ਼ਾਮਲ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ ਤੇ ਉਹਨਾਂ ਪਿਛਲੇ ਅਨਸਰਾਂ ਨੂੰ ਬੇਨਕਾਬ ਕੀਤਾ ਜਾ ਸਕੇ ਤਾਂ ਜੋ ਇਹ ਕਾਰਵਾਈਆਂ ਤੁਰੰਤ ਰੋਕੀਆਂ ਜਾ ਸਕਣ।