ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਤੋਂ ਅਸਤੀਫ਼ਾ ਦੇਣ ਬਾਅਦ ਵੱਡੇ ਖ਼ੁਲਾਸੇ ਕੀਤੇ ਹਨ। ਖੇਤੀਬਾੜੀ ਬਿੱਲਾਂ ‘ਤੇ ਹਰਸਿਮਰਤ ਕੌਰ ਬਾਦਲ ਨੇ ਸਫਾਈ ਦਿੰਦੇ ਹੋਏ ਕਿਹਾ, ਕਿ ਉਨ੍ਹਾਂ ਨੇ ਕੇਂਦਰ ਸਰਕਾਰ ਅੱਗੇ ਅਪੀਲ ਕੀਤੀ ਸੀ, ਕਿ ਆਰਡੀਨੈਂਸ ਸਬੰਧੀ ਸਾਰੀਆਂ ਪਾਰਟੀਆਂ ਨਾਲ ਵਿਚਾਰ ਚਰਚਾ ਕੀਤੀ ਜਾਵੇ। ਜੇਕਰ ਸਾਰੀਆਂ ਪਾਰਟੀਆਂ ਇਸ ‘ਤੇ ਸਹਿਮਤੀ ਜਤਾਉਂਦਿਆਂ ਹਨ ਤਾਂ ਹੀ ਇਸ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਅਪੀਲ ‘ਤੇ ਕੇਂਦਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।
ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੇਰੀ ਇਸ ਸਲਾਹ ਨੂੰ ਦਰਕਿਨਾਰ ਕਰਦੇ ਹੋਏ ਕੇਂਦਰੀ ਕੈਬਨਿਟ ਵੱਲੋਂ ਇਹ ਕਿਹਾ ਗਿਆ ਕਿ ਕਿਸਾਨ ਰੋਸ ਪ੍ਰਦਰਸ਼ਨ ਸਿਰਫ ਪੰਜਾਬ ‘ਚ ਨਹੀਂ ਕਰ ਰਹੇ ਪੂਰੇ ਦੇਸ਼ ਚ ਹੋ ਰਹੇ ਹਨ।
ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਰਾਤ ਨੂੰ ਐਗਰੀਕਲਚਰ ਆਰਡੀਨੈਂਸਾਂ ਦੇ ਵਿਰੋਧ ਵਿੱਚ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਗਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਪ੍ਰਤੀ ਸਮਰਪਿਤ ਪਾਰਟੀ ਹੈ ਅਤੇ ਅਕਾਲੀ ਦਲ ਇਸ ਸਮੇਂ ਕਿਸਾਨਾਂ ਦੇ ਨਾਲ ਖੜ੍ਹਾ ਹੈ।