ਚੰਡੀਗੜ੍ਹ: ਕਿਸਾਨਾਂ ਦੇ ਅੰਦੋਲਨ ਕਾਰਨ ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਚਾਰ ਦਿਨਾਂ ਲਈ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਕਰਨਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਹੁਕਮਾਂ ਅਨੁਸਾਰ ਅੰਬਾਲਾ ਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਘੱਲ, ਲੁਹਾਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਵਿੱਚ ਇੰਟਰਨੈੱਟ ਸੇਵਾ 9 ਦਸੰਬਰ ਤੱਕ ਬੰਦ ਕਰ ਦਿੱਤੀ ਗਈ ਹੈ।
ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਖੜ੍ਹੇ ਕਿਸਾਨ ਅੱਜ ਦੁਪਹਿਰ 1 ਵਜੇ ਪੈਦਲ ਦਿੱਲੀ ਵੱਲ ਮਾਰਚ ਕਰਨਗੇ। ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ। ਸ਼ੰਭੂ-ਖਨੌਰੀ ਸਰਹੱਦ ‘ਤੇ ਕਰੀਬ 10 ਹਜ਼ਾਰ ਕਿਸਾਨ ਇਕੱਠੇ ਹੋਏ ਹਨ, ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਦੋਵੇਂ ਪਾਸੇ ਨੀਮ ਫੌਜੀ ਬਲਾਂ ਦੀਆਂ 29 ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ ਅਤੇ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਜਥੇ ਨੂੰ ਰੋਕਣ ਦੇ ਲਈ ਵਾਟਰ ਕੈਨਨ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਖੜ੍ਹੀਆਂ ਕੀਤੀਆਂ ਗਈਆਂ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ 101 ਮਰਜੀਵੜਿਆਂ ਦਾ ਜਥਾ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਸਮੇਤ ਹੋਰਨਾ ਆਗੂਆਂ ਦੀ ਅਗਵਾਹੀ ਦੇ ਵਿੱਚ ਰਵਾਨਾ ਹੋਵੇਗਾ। ਉਹਨਾਂ ਦੱਸਿਆ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਦੀ ਸਹਿ ਉੱਤੇ ਹਰਿਆਣਾ ਸਰਕਾਰ ਸ਼ੁਰੂ ਤੋਂ ਹੀ ਇਹ ਬਿਆਨ ਦਾਗਦੀ ਰਹੀ ਕਿ ਕਿਸਾਨ ਟਰੈਕਟਰ ਟਰਾਲੀਆਂ ਨੂੰ ਛੱਡ ਕੇ ਪੈਦਲ ਹਰਿਆਣਾ ਰਾਜ ਦੇ ਰਾਹੀ ਦਿੱਲੀ ਵੱਲ ਪੈਦਲ ਜਾ ਸਕਦੇ ਹਨ। ਪਰ ਹੁਣ ਜਦੋਂ ਨੌ ਮਹੀਨੇ ਬੀਤਣ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਰਾਬਤਾ ਨਾ ਬਣਾਉਣ ਅਤੇ ਅਣਗੌਲਿਆ ਕਰਨ ਉੱਤੇ ਕਿਸਾਨਾਂ ਵੱਲੋਂ ਦਿੱਲੀ ਵੱਲ ਫਸਲਾਂ ਉੱਤੇ ਐਮਐਸਪੀ ਲਾਗੂ ਕਰਵਾਉਣ ਸਮੇਤ ਹੋਰਨਾਂ ਮੰਗਾਂ ਦੇ ਸੰਬੰਧ ਵਿੱਚ ਪੈਦਲ ਕੂਚ ਕਰਨ ਦਾ ਐਲਾਨ ਕੀਤਾ ਤਾਂ ਹੁਣ ਹਰਿਆਣਾ ਸਰਕਾਰ ਆਪਣੇ ਰਾਜ ਵਿੱਚ ਮਾਹੌਲ ਖਰਾਬ ਹੋਣ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਸ਼ੰਭੂ ਬੈਰੀਅਰ ਉੱਤੇ ਹੀ ਰੋਕਣਾ ਚਾਹੁੰਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।