ਭਾਖੜਾ ਪਾਣੀ ਵਿਵਾਦ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਭਲਕੇ ਯਾਨੀ 3 ਮਈ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਹੋਵੇਗੀ। ਇਸਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ। ਓਥੇ ਹੀ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਕੱਲ੍ਹ (3 ਮਈ) ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਹਿਮਾਚਲ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ।
ਓਧਰ ਦੂਜੇ ਪਾਸੇ ਅੱਜ ਦਿੱਲੀ ਵਿੱਚ BBMB ਦੇ ਅਧਿਕਾਰੀਆਂ ਦੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਮੀਟਿੰਗ ਵਿੱਚ ਪਾਣੀ ਦੇਣ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਵਿੱਚ ਪੰਜਾਬ ਸਿਰਫ਼ 4 ਹਜ਼ਾਰ ਕਿਊਸਿਕ ਪਾਣੀ ਦੇਣ ਲਈ ਸਹਿਮਤ ਹੋਇਆ, ਜਦੋਂ ਕਿ ਹਰਿਆਣਾ ਨੇ 8500 ਕਿਊਸਿਕ ਪਾਣੀ ਦੀ ਮੰਗ ਕੀਤੀ।
ਹੁਣ ਹਰਿਆਣਾ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਵੇਗੀ। ਹਰਿਆਣਾ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ-ਅਸੀਂ ਆਪਣੇ ਪਾਣੀ ਦੇ ਹੱਕ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਾਂਗੇ। ਅੱਜ ਪਟੀਸ਼ਨ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ। ਅੱਗੇ ਛੁੱਟੀਆਂ ਹਨ, ਇਸ ਲਈ ਅਸੀਂ ਇਸ ਬਾਰੇ ਜਲਦੀ ਹੀ ਫੈਸਲਾ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ।