ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਕਿਸਾਨ ਮਹਾਪੰਚਾਇਤ ਦੇ ਸੱਦੇ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਰਨਾਲ ਤੇ ਇਸਦੇ ਨਾਲ ਲਗਦੇ ਚਾਰ ਜ਼ਿਲ੍ਹਿਆਂ ‘ਚ ਮੰਗਲਵਾਰ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਰਨਾਲ ਜ਼ਿਲ੍ਹੇ ਵਿੱਚ ਬੁਲਾਈ ਗਈ ਕਿਸਾਨ ਮਹਾਪੰਚਾਇਤ ਵਿੱਚ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵਿੱਚ ਵਿਘਨ ਪੈ ਸਕਦਾ ਹੈ। ਇੰਟਰਨੈਟ ਸੇਵਾਵਾਂ ਜਿਵੇਂ ਮੋਬਾਈਲ ਐਸਐਮਐਸ, ਸੋਸ਼ਲ ਮੀਡੀਆ ਦੀ ਦੁਰਵਰਤੋਂ ਗਲਤ ਅਫਵਾਹਾਂ ਫੈਲਾ ਸਕਦੀ ਹੈ ਜਿਸ ਨਾਲ ਜਨਤਕ ਸੰਪਤੀ ਅਤੇ ਸਹੂਲਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ।
ਕਰਨਾਲ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਦਿੱਲੀ ਤੋਂ ਹਰਿਆਣਾ ਆਉਣ ਵਾਲੇ ਵਾਹਨਾਂ ਨੂੰ ਪੈਪਸੀ ਪੁਲ ਪਾਨੀਪਤ ਤੋਂ ਮੂਨਕ, ਅਸੰਧ, ਗਗਸੀਨਾ ਰਾਹੀਂ ਕਰਨਾਲ ਦੇ ਹਾਂਸੀ ਚੌਕ ਬਾਈਪਾਸ ਨਹਿਰ ਤੋਂ ਹੁੰਦੇ ਹੋਏ ਜੀਟੀ ਰੋਡ 44 ਰਾਹੀਂ ਚੰਡੀਗੜ੍ਹ ਵੱਲ ਮੋੜਿਆ ਜਾਵੇਗਾ। ਚੰਡੀਗੜ੍ਹ ਤੋਂ ਆਉਣ ਵਾਲੇ ਵਾਹਨਾਂ ਨੂੰ ਪਿੱਪਲੀ ਚੌਕ ਕੁਰੂਕਸ਼ੇਤਰ ਤੋਂ ਇੰਦਰੀ,ਬਯਾਨਾ, ਕੁੰਜਪੁਰਾ ਤੋਂ ਹੁੰਦੇ ਹੋਏ ਅੰਮ੍ਰਿਤਪੁਰ ਖੁਰਦ ਕਹਿਰਵਾਲੀ ਅਤੇ ਘਰੌਂਡਾ ਦੇ ਜੀਟੀ ਰੋਡ ਰਾਹੀਂ ਦਿੱਲੀ ਵੱਲ ਰਵਾਨਾ ਕੀਤਾ ਜਾਵੇਗਾ।