ਚੰਡੀਗੜ੍ਹ : ਵਿਸ਼ਵ ਸਿਹਤ ਸੰਗਠਨ ਤੋਂ ਬਾਅਦ ਹੁਣ ਹਰਿਆਣਾ ਰਾਜ ਨੇ ਕੋਰੋਨਾ (COVID-19) ਨੂੰ ਇਕ ਮਹਾਮਾਰੀ ਘੋਸ਼ਿਤ ਕਰ ਦਿੱਤਾ ਹੈ। ਅਜਿਹਾ ਕਰਨ ਵਾਲਾ ਹਰਿਆਣਾ ਭਾਰਤ ਦਾ ਪਹਿਲਾਂ ਰਾਜ ਬਣ ਗਿਆ ਹੈ।
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਵੀਰਵਾਰ ਨੂੰ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਅਨਿਲ ਵਿਜ ਨੇ ਇਸ ਸਬੰਧ ‘ਚ ਐਡਵਾਇਜ਼ਰੀ ਵੀ ਜਾਰੀ ਕੀਤੀ। ਦੱਸ ਦੇਈਏ ਕਿ ਹਰਿਆਣਾ ਦੇ ਗੁਰੂਗ੍ਰਾਮ ‘ਚ ਕੋਰੋਨਾ ਦਾ ਇੱਕ ਸਕਾਰਾਤਮਕ ਮਾਮਲਾ ਸਾਹਮਣੇ ਆਇਆ ਸੀ।
Covid -19 ( Corona Virus Disease ) declared epidemic in Haryana.
— ANIL VIJ MINISTER HARYANA (@anilvijminister) March 12, 2020
ਹਰਿਆਣਾ ਦੇ ਸਿਹਤ ਵਿਭਾਗ ਅਨੁਸਾਰ ਬੀਤੇ ਬੁੱਧਵਾਰ ਤੱਕ 44 ਸ਼ੱਕੀ ਮਾਮਲਿਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ‘ਚੋਂ 38 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ ਬਾਕੀ ਛੇ ਨਮੂਨਿਆਂ ਦੀ ਰਿਪੋਰਟ ਅਜੇ ਪੈਂਡਿੰਗ ਹੈ।
ਹਰਿਆਣਾ ਦੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਪਿਛਲੇ 14 ਦਿਨਾਂ ‘ਚ ਵਿਦੇਸ਼ ਦੀ ਯਾਤਰਾ ਕੀਤੀ ਹੈ। ਨਾਲ ਹੀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜਪਾਲ ਨੇ ਕੋਰੋਨਾ ਵਾਇਰਸ ਸੰਬੰਧੀ ਨਵੇਂ ਨਿਯਮ ਜਾਰੀ ਕੀਤੇ ਹਨ। ਰਾਜਪਾਲ ਦੁਆਰਾ ਜਾਰੀ ਕੀਤੇ ਗਏ ਇਸ ਆਦੇਸ਼ ਨੂੰ ਹਰਿਆਣਾ ਮਹਾਂਮਾਰੀ ਕੋਵਿਡ-19 ਰੈਗੂਲਰਾਈਜ਼ੇਸ਼ਨ 2020 ਦਾ ਨਾਮ ਦਿੱਤਾ ਗਿਆ ਹੈ।
ਹਰਿਆਣਾ ਦੇ ਰਾਜਪਾਲ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਰਾਜ ਦੇ ਹਰੇਕ ਨਿੱਜੀ ਅਤੇ ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਸਕ੍ਰਿਨਿੰਗ ਲਈ ਪੂਰੀ ਵਿਵਸਥਾ ਹੋਣੀ ਚਾਹੀਦੀ ਹੈ ਤਾਂ ਜੋ ਮਰੀਜ਼ਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਹਰਿਆਣਾ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਹਸਪਤਾਲ ਆਉਣ ਵਾਲੇ ਸ਼ੱਕੀ ਮਰੀਜ਼ਾਂ ਦਾ ਪੂਰਾ ਡਾਟਾ ਬੇਸ ਤਿਆਰ ਕੀਤਾ ਜਾਵੇ।
ਵਿਸ਼ਵ ਸਿਹਤ ਸੰਗਠਨ ਵੱਲੋਂ ਵੀ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ। ਵਿਸ਼ਵ ਪੱਧਰ ‘ਤੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 4624 ਹੋ ਗਈ ਹੈ ਤੇ 126,000 ਤੋਂ ਵੱਧ ਲੋਕ ਕੋਰੋਨੋਵਾਇਰਸ ਨਾਲ ਸੰਕਰਮਿਤ ਹਨ। ਇਸ ਦੇ ਨਾਲ ਹੀ ਭਾਰਤ ‘ਚ ਕੋਰੋਨਾ ਵਾਇਰਸ (COVID—19) ਦੇ ਸਕਾਰਾਤਮਕ ਮਾਮਲਿਆਂ ਦੀ ਗਿਣਤੀ 73 ਤੱਕ ਪਹੁੰਚ ਗਈ ਹੈ।