ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ਉਤੇ ਸਰਕਾਰੀ ਪੱਧਰ ਉਤੇ ਸਮਾਗਮ ਕਰਵਾਏ ਜਾਣ ਦੇ ਐਲਾਨ ਉਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ ਮਨਾਉਣ ਦੇ ਬਿਆਨ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀਆਂ ਦੇ ਸਮਾਗਮ ਆਯੋਜਿਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਸੀ ਕਿ ਸਰਕਾਰਾਂ ਦਾ ਮੁੱਖ ਕੰਮ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕਰਨਾ ਹੈ, ਨਾ ਕਿ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨੀ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲ ਪਹਿਲਾਂ ਸਰਕਾਰ ਹੋਂਦ ਵਿੱਚ ਆਈ ਸੀ ਪਰ ਅੱਜ ਤੱਕ ਕੋਈ ਕਿਸੇ ਸਮਾਗਮ ਵਿੱਚ ਸਰਕਾਰ ਨੇ ਆਪਣਾ ਯੋਗਦਾਨ ਨਹੀਂ ਪਾਇਆ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰ ਈਰਖਾ ਕਰ ਰਹੀ ਹੈ। ਸਰਕਾਰ ਵੱਲੋਂ ਮੰਤਰੀ ਹਰਜੋਤ ਬੈਂਸ ਪ੍ਰੈਸ ਕਾਨਫਰੰਸ ਕਰਕੇ ਦਖਲ ਦੇ ਰਹੇ ਹਨ ਪਰ ਉਹ ਇਹ ਪੁੱਛਣਾ ਚਾਹੁੰਦੇ ਹਨ ਕਿ ਪਿਛਲੇ ਤਿੰਨ ਸਾਲਾਂ ਤੋਂ ਸਰਕਾਰ ਸੁੱਤੀ ਹੋਈ ਹੈ।