ਮੌੜ ਮੰਡੀ ਬੰਬ ਧਮਾਕੇ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ

TeamGlobalPunjab
2 Min Read

ਚੰਡੀਗੜ੍ਹ: ਸਾਲ 2017 ‘ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਮੌੜ ਮੰਡੀ ’ਚ ਹੋਏ ਬੰਬ ਧਮਾਕੇ ਮਾਮਲੇ ’ਚ ਹੁਣ ਤਕ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਹੈ।

ਗੁਰਜੀਤ ਸਿੰਘ ਪਾਤੜਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ’ਤੇ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇ। ਪਾਤੜਾਂ ਨੇ 2020 ’ਚ ਹਾਈ ਕੋਰਟ ’ਚ ਅਰਜ਼ੀ ਦਾਇਰ ਕਰ ਦੱਸਿਆ ਸੀ ਕਿ ਇਸ ਮਾਮਲੇ ’ਚ ਡੇਰੇ ਦਾ ਨਾਮ ਵੀ ਸਾਹਮਣੇ ਆਇਆ ਹੈ। ਜਿਸ ਕਾਰ ਤੋਂ ਧਮਾਕਾ ਹੋਇਆ ਸੀ ਉਹ ਡੇਰੇ ’ਚ ਅਸੈਂਬਲ ਹੋਈ ਸੀ ਤੇ ਡੇਰਾ ਹਰਿਆਣਾ ’ਚ ਹੈ। ਇਹ ਅੰਤਰਰਾਜੀ ਮਾਮਲਾ ਤੇ ਇਸ ਦੀ ਜਾਂਚ ਪੰਜਾਬ ਪੁਲਿਸ ਦੀ ਬਜਾਏ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਉਸ ਸਮੇਂ ਪੰਜਾਬ ਸਰਕਾਰ ਦੇ ਭਰੋਸੇ ’ਤੇ ਹਾਈ ਕੋਰਟ ਨੇ ਮਾਮਲੇ ਦੀ ਐੱਨਆਈਏ ਤੋਂ ਜਾਂਚ ਦੀ ਮੰਗ ਨੂੰ ਖਾਰਜ ਕਰ ਦਿੱਤਾ ਸੀ ਤੇ ਪੰਜਾਬ ਪੁਲਿਸ ਵਲੋਂ ਗਠਿਤ ਐੱਸਆਈਟੀ ਨੂੰ ਅੱਗੇ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਸੀ। ਇਸ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ ’ਤੇ ਹਾਈ ਕੋਰਟ ਨੇ ਨਵੇਂ ਸਿਰਿਓਂ ਐੱਸਆਈਟੀ ਗਠਿਤ ਕਰ ਜਾਂਚ ਕਰਨ ਦੇ ਆਦੇਸ਼ ਦਿੱਤੇ। ਨਵੀਂ ਐੱਸਆਈਟੀ ਮਾਮਲੇ ਦੀ ਜਾਂਚ ਪੂਰੀ ਕਰ ਕਰ ਚੁੱਕੀ ਹੈ ਤੇ ਹੇਠਲੀ ਅਦਾਲਤ ’ਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ, ਪਰ ਹੁਣ ਤੱਕ ਇਸ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਹਾਈ ਕੋਰਟ ਕਹਿ ਚੁੱਕਾ ਹੈ ਕਿ ਜਲਦ ਤੋਂ ਜਲਦ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਫੜਿਆ ਜਾਵੇ, ਇਸ ਦੇ ਬਾਵਜੂਦ ਹੁਣ ਤਕ ਅੱਗੇ ਕੋਈ ਕਾਰਵਾਈ ਨਹੀਂ ਹੋਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment