ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸਰਕਾਰੀ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਆਮ ਲੋਕਾਂ ਲਈ ਸੇਵਾਵਾਂ ਨੂੰ ਬਿਹਤਰ ਬਣਾਉਣਾ ਸ਼ਾਮਲ ਹੈ ਅਤੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਸਿਹਤ ਖੇਤਰ ਨਾਲ ਸਬੰਧਤ ਹਰ ਵਾਅਦੇ ਨੂੰ ਪਾਰਟੀ ਪੂਰੀ ਮੁਸ਼ੱਕਤ ਨਾਲ ਪੂਰਾ ਕਰ ਰਹੀ ਹੈ।
ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 100 ਤੋਂ ਵੱਧ ਆਮ ਆਦਮੀ ਕਲੀਨਿਕਾਂ (ਮੁਹੱਲਾ ਕਲੀਨਿਕਾਂ) ਦਾ ਉਦਘਾਟਨ ਕੀਤਾ ਗਿਆ ਅਤੇ ਇਹ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸੀ ਪਾਰਟੀ ਨੇ ਸੂਬੇ ਭਰ ਵਿੱਚ ਸਿਹਤ ਸੇਵਾਵਾਂ ‘ਤੇ ਇੰਨਾ ਜ਼ੋਰ ਦਿੱਤਾ ਹੈ। ਉਮੀਦ ਹੈ ਕਿ 26 ਜਨਵਰੀ ਤੋਂ ਅਜਿਹੇ 500 ਹੋਰ ਕਲੀਨਿਕ ਕਾਰਜਸ਼ੀਲ ਹੋਣਗੇ।
ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਾ ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਅਸੀਂ ਇਸ ਦੇ ਸੁਧਾਰ ਲਈ ਨਿਰਸਵਾਰਥ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਉਠਾ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ਦੇ ਅੰਕੜਿਆਂ ਵਿੱਚ ਇਹ ਸਪੱਸ਼ਟ ਤੌਰ ‘ਤੇ ਦੇਖਿਆ ਗਿਆ ਹੈ ਕਿ ਪਹਿਲੇ ਤਿੰਨ ਮਹੀਨਿਆਂ ਵਿੱਚ ਹੀ ਆਮ ਆਦਮੀ ਕਲੀਨਿਕਾਂ ਵਿੱਚ ਕ੍ਰਮਵਾਰ 630035 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਅਤੇ 81909 ਲੈਬ ਟੈਸਟ ਕੀਤੇ ਗਏ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਪੰਜਾਬ ਵਿੱਚ ਵਿੱਚ ਆਮ ਆਦਮੀ ਕਲੀਨਿਕ ਅਤੇ ਹੋਰ ਸਿਹਤ ਸੰਸਥਾਵਾਂ ਨੂੰ 124 ਕਰੋੜ ਰੁਪਏ ਦੀਆਂ ਦਵਾਈਆਂ ਅਤੇ ਹੋਰ ਵਸਤਾਂ ਸਪਲਾਈ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਸਾਡੇ ਯਤਨਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਸਿਹਤ ਖੇਤਰ ਵਿੱਚ ਸਾਡੇ ਯਤਨਾਂ ਨੂੰ ਕਈ ਮੌਕਿਆਂ ‘ਤੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 34 ਸਮਰਪਿਤ ਜੱਚਾ ਅਤੇ ਬੱਚਾ ਹਸਪਤਾਲ ਕਾਰਜਸ਼ੀਲ ਹਨ ਅਤੇ ਸੂਬਾ ਮਾਵਾਂ ਦੀ ਮੌਤ ਦਰ ਨੂੰ 13.93 ਪ੍ਰਤੀਸ਼ਤ ਤੱਕ ਘਟਾਉਣ ਵਿੱਚ ਸਫਲ ਰਿਹਾ ਹੈ।
ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਹੈਪੇਟਾਈਟਸ ਬੀ ਅਤੇ ਸੀ ਦੇ ਫੈਲਾਅ ਨੂੰ ਰੋਕਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਮਰੀਜ਼ਾਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸਮੇਂ ਸਿਰ ਇਲਾਜ ‘ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਹੈਪੇਟਾਈਟਸ ਵਿਰੁੱਧ ਕੋਈ ਖਾਸ ਧਿਆਨ ਨਹੀਂ ਦਿੱਤਾ ਗਿਆ ਸੀ ਅਤੇ ਸਕਰੀਨਿੰਗ ਅਤੇ ਇਲਾਜ ਬਹੁਤ ਘੱਟ ਸੀ ਪਰ ਸਾਡੀ ਸਰਕਾਰ ਨੇ 3 ਲੱਖ ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਹੈ ਅਤੇ 247680 ਗਰਭਵਤੀ ਔਰਤਾਂ ਦੇ ਹੈਪੇਟਾਈਟਸ ਬੀ ਅਤੇ ਸੀ ਦੇ ਮੁਫ਼ਤ ਟੈਸਟ ਕੀਤੇ ਗਏ ਹਨ।
ਜੌੜਾਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐਸ.ਕੇ.) ਨੂੰ ਬਿਹਤਰ ਤਰੀਕੇ ਨਾਲ ਚਲਾ ਰਹੀ ਹੈ ਅਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੇ 22585 ਬੱਚਿਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਕਾਰੀ ਸਰਕਾਰੀ ਅਤੇ ਨਿੱਜੀ ਸੂਚੀਬੱਧ ਸਿਹਤ ਸਹੂਲਤਾਂ ਵਿੱਚ 224 ਬੱਚਿਆਂ ਦੇ ਦਿਲ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਚੰਡੀਗੜ੍ਹ ਨੇੜੇ ਮੁੱਲਾਂਪੁਰ ਵਿਖੇ 300 ਬੈਡਾਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ ਵੀ ਕੀਤਾ ਹੈ ਅਤੇ 16.25 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ 1555 ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਹੈ।