ਲੰਦਨ : ਚੀਨ ਤੋਂ ਬਾਅਦ ਦੂਜੇ ਦੇਸ਼ਾਂ ‘ਚ ਵੀ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਬ੍ਰਿਟੇਨ ‘ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 350 ਤੋਂ ਵੱਧ ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ। ਬ੍ਰਿਟੇਨ ਦੀ ਸਿਹਤ ਮੰਤਰੀ ਨੈਡੀਨ ਡੌਰਿਸ ਵੀ ਕੋਰੋਨਾ ਵਾਇਰਸ (COVID-19) ਨਾਲ ਸੰਕਰਮਿਤ ਪਾਏ ਗਏ ਹਨ।
ਨੈਡੀਨ ਡੌਰਿਸ ਨੇ ਆਪਣੇ ਇੱਕ ਬਿਆਨ ‘ਚ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਵਧਾਨੀ ਵਰਤਦੇ ਹੋਏ ਆਪਣੇ ਆਪ ਨੂੰ ਘਰ ਤੇ ਬਾਕੀ ਸਭ ਤੋਂ ਅਲੱਗ ਕਰ ਲਿਆ ਹੈ ਨਾਲ ਹੀ ਉਨ੍ਹਾਂ ਨੇ ਸਮੇਂ ਸਿਰਤੇ ਸੰਕਰਮਣ ਦੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦਾ ਵੀ ਧੰਨਵਾਦ ਕੀਤਾ ਹੈ। ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਵਾਇਰਸ ਨਾਲ ਸੰਕਰਮਿਤ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਰਿਪੋਰਟ ਅਨੁਸਾਰ ਬ੍ਰਿਟੇਨ ਦੀ ਸਿਹਤ ਮੰਤਰੀ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਸਮੇਤ ਸੈਂਕੜੇ ਲੋਕਾਂ ਦੇ ਸੰਪਰਕ ‘ਚ ਸਨ।
ਸਿਹਤ ਮੰਤਰੀ ਨੇ ਕਿਹਾ, “ਇੰਗਲੈਂਡ ਦਾ ਸਿਹਤ ਵਿਭਾਗ ਉਨ੍ਹਾਂ ਦੇ ਨਾਲ ਮੁਲਾਕਾਤ ਕਰਨ ਵਾਲੇ ਸਾਰੇ ਲੋਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਦਾ ਸਿਹਤ ਵਿਭਾਗ ਕੁਝ ਦਿਨਾਂ ਲਈ ਬੰਦ ਰਹੇਗਾ।
ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਜਾਨਲੇਵਾ ਕੋਰੋਨਾ ਵਾਇਰਸ ਹੁਣ ਤੱਕ ਦੁਨੀਆ ਦੇ 100 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕਾ ਹੈ। ਤਾਜਾ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਵਿਸ਼ਵ ਪੱਧਰ ‘ਤੇ 4011 ਲੋਕਾਂ ਦੀ ਜਾਨ ਲੈ ਚੁੱਕਾ ਹੈ ਤੇ 1,10,000 ਲੋਕ ਕੋਰੋਨਾ ਨਾਲ ਸੰਕਰਮਿਤ ਹਨ। ਭਾਰਤ ‘ਚ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ 50 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।