ਨਿਊਜ਼ ਡੈਸਕ : ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜਿੱਥੇ ਬਹੁਤ ਜ਼ਰੂਰੀ ਹੈ। ਉਥੇ ਹੀ ਕੋਰੋਨਾ ਮਹਾਂਮਾਰੀ ਵਿੱਚ ਦਿਲ ਨੂੰ ਸਿਹਤਮੰਦ ਰੱਖਣਾ ਪਹਿਲਾਂ ਨਾਲੋਂ ਵੀ ਵੱਧ ਜ਼ਰੂਰੀ ਹੈ।
ਸਿਵਲ ਸਰਜਨ ਡਾ.ਗੁਰਿੰਦਰਬੀਰ ਕੌਰ ਨੇ ਦਿਲ ਦੀ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਕਸਰਤ ਤੇ ਹੋਰ ਸਾਧਨਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਸਮੇਂ-ਸਮੇਂ ‘ਤੇ ਆਪਣੇ ਬਲੱਡ ਪ੍ਰੈਸ਼ਰ ਸਮੇਤ ਹੋਰ ਆਮ ਟੈਸਟ ਵੀ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਭੱਜ ਦੌੜ ਕਰਕੇ ਮਨੁੱਖ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਹੈ, ਜਿਸ ਕਰਕੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਪੈਦਾ ਹੋ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਮੌਜੂਦ ਬਿਮਾਰੀ ਜਾਂ ਮੈਡੀਕਲ ਕੰਡੀਸ਼ਨ ਜਿਵੇਂ ਕਿ ਹਾਈਪਰਟੈਨਸ਼ਨ, ਸ਼ੂਗਰ ਅਤੇ ਹੋਰ ਦਿਲ ਦੀਆਂ ਬਿਮਾਰੀਆਂ ਦੇ ਕਾਰਨ ਸਰੀਰ ਉੱਤੇ ਕੋਰੋਨਾ ਵਾਇਰਸ ਦਾ ਪ੍ਰਭਾਵ ਵੀ ਜ਼ਿਆਦਾ ਗੰਭੀਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਈਪਰਟੈਨਸ਼ਨ ਦਾ ਇਲਾਜ ਨਾ ਹੋਵੇ ਤਾਂ ਦਿਲ ਦਾ ਦੌਰਾ, ਅਧਰੰਗ, ਅੰਨ੍ਹਾਪਨ, ਗੁਰਦੇ ਦੀਆਂ ਬਿਮਾਰੀਆਂ ਤੇ ਮਾਨਸਿਕ ਤਣਾਅ ਹੋ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾਂ ਕਰਨ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਘੱਟੋ-ਘੱਟ 30 ਮਿੰਟ ਕਸਰਤ ਤੇ ਸੈਰ ਕਰਨੀ ਚਾਹੀਦੀ ਹੈ। ਸੰਤੁਲਿਤ ਖ਼ੁਰਾਕ ਖਾਣੀ ਚਾਹੀਦੀ ਹੈ, ਨਮਕ ਅਤੇ ਚਿਕਨਾਈ ਪਦਾਰਥਾਂ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ।