ਚੰਡੀਗੜ੍ਹ: ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਦੇ ਵਿਚਾਲੇ ਮੌਸਮ ਵਿਭਾਗ ਤੋਂ ਰਾਹਤ ਦੀ ਖਬਰ ਆਈ ਹੈ। ਅਗਲੇ ਦੋ ਦਿਨਾਂ ਦੌਰਾਨ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਸਰਗਰਮ ਪੱਛਮੀ ਗੜਬੜੀ ਕਾਰਨ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਵੀਰਵਾਰ ਨੂੰ ਵੀ ਮੌਸਮ ਸੁਹਾਵਣਾ ਰਹਿ ਸਕਦਾ ਹੈ। ਮੀਂਹ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ।
ਮੰਗਲਵਾਰ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੀ। ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਤਾਪਮਾਨ 40 ਡਿਗਰੀ ਤੋਂ ਉੱਪਰ ਸੀ। ਪੰਜਾਬ ਦਾ ਸਮਰਾਲਾ 45.8 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਇਹ ਆਮ ਨਾਲੋਂ 5.2 ਡਿਗਰੀ ਵੱਧ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਵੀ ਆਮ ਨਾਲੋਂ 4.6 ਡਿਗਰੀ ਜ਼ਿਆਦਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਮੀਂਹ ਦੇ ਨਾਲ-ਨਾਲ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਹਰਿਆਣਾ ‘ਚ ਤੇਜ਼ ਹਨੇਰੀ ਦਾ ਅਲਰਟ
ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਹਰਿਆਣਾ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਮ, ਧੂੜ ਭਰੀ ਹਨੇਰੀ ਚੱਲੇਗੀ। ਇਸ ਦੌਰਾਨ ਗਰਜ ਅਤੇ ਬਿਜਲੀ ਦੇ ਨਾਲ ਬੱਦਲ ਛਾਏ ਰਹਿਣਗੇ।
ਇਹ ਬਦਲਾਅ ਦੁਪਹਿਰ ਬਾਅਦ ਦੇਖਿਆ ਜਾ ਸਕਦਾ ਹੈ। ਹੀਟਵੇਵ ਦੇ ਮੱਦੇਨਜ਼ਰ 14 ਹੋਰ ਜ਼ਿਲ੍ਹਿਆਂ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ 20 ਜੂਨ ਯਾਨੀ ਕੱਲ੍ਹ ਤੋਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪ੍ਰੀ-ਮੌਨਸੂਨ ਮੀਂਹ ਪੈ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਜਿਨ੍ਹਾਂ 8 ਜ਼ਿਲਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ, ਉਨ੍ਹਾਂ ‘ਚ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।