ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਵਿਚ ਅੱਜ 16 ਮੁਲਾਜ਼ਮ ਜਥੇਬੰਦੀਆਂ ਵੱਲੋਂ ਕੀਤੀ ਜਾਰਹੀ ਮਹਾਂਰੈਲੀ ਨੂੰ ਦੇਖਦਿਆਂ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ। ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ਮੋਤੀ ਮਹਿਲ ਨੂੰ ਜਾਂਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ ਤੇ ਥਾਂ-ਥਾਂ ਬੈਰੀਕੇਡਿੰਗ ਕੀਤੀ ਗਈ ਹੈ।
ਇਸ ਮਹਾਂਰੈਲੀ ਵਿੱਚ ਲੱਖ 50 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੇ ਪਹੁੰਚਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਰੋਕਣ ਲਈ 10 ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇੱਕ ਹੋਰ ਜਾਣਕਾਰੀ ਮੁਤਾਬਕ ਮੈਡੀਕਲ ਤੇ ਡੈਂਟਲ ਟੀਚਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ 6ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਰੈਲੀ ਰੱਖੀ ਗਈ ਹੈ। ਬੀਤੇ ਦਿਨੀਂ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਇਨ੍ਹਾਂ ਮੰਗਾਂ ਨੂੰ ਲੈ ਕੇ ਰੱਖੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮਾਂ ਵਿੱਚ ਰੋਸ ਵੱਧ ਗਿਆ ਹੈ।