ਪੰਜਾਬ – ਹਰਿਆਣਾ ਸਣੇ 18 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ, ਉੱਤਰਾਖੰਡ ‘ਚ ਲੈਂਡਸਲਾਈਡ ਕਾਰਨ 2 ਨੈਸ਼ਨਲ ਹਾਈਵੇਅ ਸਣੇ 126 ਸੜਕਾਂ ਬੰਦ

Global Team
2 Min Read

ਨਵੀ ਦਿੱਲੀ : ਮੌਸਮ ਵਿਭਾਗ ਨੇ 13 ਜੁਲਾਈ ਨੂੰ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਸਮੇਤ 18 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੀਂਹ ਦੇ ਨਾਲ-ਨਾਲ ਹਨੇਰੀ -ਤੂਫ਼ਾਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ, ਕਿਉਂਕਿ ਪੱਛਮੀ ਗੜਬੜੀ ਦੇ ਚੱਲਦਿਆਂ ਮੀਂਹ ਦੇ ਨਾਲ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਵੀ ਆ ਸਕਦਾ ਹੈ।

ਅਜਿਹੇ ਵਿੱਚ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਪਹਾੜੀ ਰਾਜਾਂ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਹੈ, ਖ਼ਾਸ ਕਰਕੇ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਲੈਂਡਸਲਾਈਡ ਦੀ ਸਥਿਤੀ ਬਣੀ ਹੋਈ ਹੈ। ਜਦੋਂ ਕਿ ਜੰਮੂ-ਕਸ਼ਮੀਰ ਵਿੱਚ ਵੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਚੰਗਾ ਮੀਂਹ ਪੈਣ ਦੀ ਉਮੀਦ ਜਤਾਈ ਹੈ। ਅਨੰਤਨਾਗ ਜ਼ਿਲ੍ਹੇ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ, ਜਿਸ ਕਾਰਨ ਇੱਥੇ ਵੀ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਉੱਤਰਾਖੰਡ ਵਿੱਚ ਲਗਾਤਾਰ ਮੀਂਹ ਕਾਰਨ ਕਈ ਥਾਵਾਂ ‘ਤੇ ਲੈਂਡਸਲਾਈਡ ਹੋਈ ਹੈ। 2 ਨੈਸ਼ਨਲ ਹਾਈਵੇਅ ਸਮੇਤ 126 ਸੜਕਾਂ ਬੰਦ ਹਨ। ਸਿਆਨਾਚੱਟੀ ਨੇੜੇ ਰਿਸ਼ੀਕੇਸ਼-ਯਮੁਨੋਤਰੀ ਹਾਈਵੇਅ ਐਤਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਬੰਦ ਰਿਹਾ। ਤਵਾਘਾਟ-ਗੁੰਜੀ ਹਾਈਵੇਅ ਵੀ ਮਲਬਾ ਆਉਣ ਕਾਰਨ ਬੰਦ ਹੈ।

ਮੌਸਮ ਵਿਭਾਗ ਮੁਤਾਬਿਕ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਦਿੱਲੀ-ਐੱਨ.ਸੀ.ਆਰ., ਓਡੀਸ਼ਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮੇਘਾਲਿਆ, ਅਸਾਮ, ਝਾਰਖੰਡ ਸਮੇਤ ਕਈ ਰਾਜਾਂ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਕਾਰਨ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਵੀ ਮਾਨਸੂਨ ਦੁਬਾਰਾ ਸਰਗਰਮ ਹੋ ਸਕਦਾ ਹੈ।

ਪੰਜਾਬ ਦੇ ਜਲੰਧਰ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ, ਜਦੋਂ ਕਿ ਮੋਹਾਲੀ ਵਿੱਚ ਰਾਤ ਦੇ ਸਮੇਂ ਤੇਜ਼ ਮੀਂਹ ਪਿਆ। ਅੱਜ (ਸੋਮਵਾਰ) 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਾਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਦਿਨ ਭਰ ਅੰਸ਼ਕ ਰੂਪ ਵਿੱਚ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਦੇ ਨਾਲ ਬੂੰਦਾਬਾਂਦੀ ਹੋ ਸਕਦੀ ਹੈ।

Share This Article
Leave a Comment