ਪੰਜਾਬ – ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Global Team
3 Min Read

ਚੰਡੀਗੜ੍ਹ : ਪੰਜਾਬ ਵਿੱਚ ਅੱਜ ਤੋਂ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਜਦੋਂ ਕਿ ਤਰਨਤਾਰਨ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਮੀਂਹ ਦੀ ਚੇਤਾਵਨੀ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਫ਼ਰੀਦਕੋਟ ਵਿੱਚ ਰਿਕਾਰਡ ਕੀਤਾ ਗਿਆ।

ਇਸ ਤੋਂ ਇਲਾਵਾ ਹਰਿਆਣਾ ਵਿੱਚ ਵੀ ਮਾਨਸੂਨੀ ਮੀਂਹ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੌਸਮ ਵਿਭਾਗ ਨੇ 31 ਜੁਲਾਈ ਨੂੰ ਸੂਬੇ ਦੇ 5 ਉੱਤਰੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਉੱਥੇ ਹੀ, ਹਿਸਾਰ ਐਗਰੀਕਲਚਰ ਯੂਨੀਵਰਸਿਟੀ ਅਨੁਸਾਰ 2 ਅਗਸਤ ਤੋਂ 5 ਅਗਸਤ ਦੌਰਾਨ ਮਾਨਸੂਨ ਪੂਰੇ ਸੂਬੇ ਵਿੱਚ ਪੂਰੀ ਤਾਕਤ ਨਾਲ ਵਾਪਸ ਪਰਤੇਗਾ ਅਤੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪਵੇਗਾ।

ਭਾਰਤ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ ਅੱਜ 31 ਜੁਲਾਈ ਨੂੰ ਉੱਤਰ-ਪੂਰਬੀ ਹਰਿਆਣਾ ਦੇ 5 ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਕਰਨਾਲ ਸ਼ਾਮਲ ਹਨ। ਇੱਥੇ 50 ਪ੍ਰਤੀਸ਼ਤ ਤੋਂ 75 ਪ੍ਰਤੀਸ਼ਤ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ। ਉੱਥੇ ਹੀ ਕੁਰੂਕਸ਼ੇਤਰ, ਕੈਥਲ, ਜੀਂਦ, ਰੋਹਤਕ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਰੇਵਾੜੀ, ਮਹਿੰਦਰਗੜ੍ਹ, ਭਿਵਾਨੀ, ਚਰਖੀ ਦਾਦਰੀ, ਹਿਸਾਰ ਅਤੇ ਫ਼ਤੇਹਾਬਾਦ ਵਿੱਚ ਬੂੰਦਾਬਾਂਦੀ ਤੇ ਹਲਕਾ ਮੀਂਹ ਪੈ ਸਕਦਾ ਹੈ। ਸਿਰਸਾ ਵਿੱਚ ਮੌਸਮ ਖ਼ੁਸ਼ਕ ਬਣਿਆ ਰਹੇਗਾ।

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਅਤੇ ਪੌਂਗ ਡੈਮ ਵਿੱਚ ਪਾਣੀ ਦੀ ਆਮਦ ਲਗਾਤਾਰ ਜਾਰੀ ਹੈ। ਭਾਖੜਾ ਡੈਮ ਦਾ ਜਲ ਪੱਧਰ 1599.08 ਫੁੱਟ ਦਰਜ ਕੀਤਾ ਗਿਆ ਹੈ। ਇਸ ਵਿੱਚ 39,785 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦੋਂ ਕਿ 24,495 ਕਿਊਸਿਕ ਪਾਣੀ ਛੱਡਿਆ ਜਾ ਰਹਾ ਹੈ। ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਯਾਨੀ ਮੌਜੂਦਾ ਜਲ ਪੱਧਰ ਇਸ ਤੋਂ ਲਗਭਗ 81 ਫੁੱਟ ਹੇਠਾਂ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment