ਨਿਊਜ਼ ਡੈਸਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਚੰਡੀਗੜ੍ਹ, ਮੋਹਾਲੀ, ਪਠਾਨਕੋਟ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪਿਆ ਹੈ, ਜਿਸ ਨਾਲ ਕਈ ਥਾਵਾਂ ‘ਤੇ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪਹਾੜਾਂ ਅਤੇ ਪਠਾਨਕੋਟ ਜ਼ਿਲ੍ਹੇ ਅੰਦਰ ਲਗਾਤਾਰ ਹੋ ਰਹੀ ਬਰਸਾਤ ਨਾਲ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਜ਼ਿਲ੍ਹੇ ਅੰਦਰ ਨਦੀ-ਨਾਲਿਆਂ ਦੇ ਪਾਣੀ ਵਿੱਚ ਕਾਫ਼ੀ ਉਛਾਲ ਆ ਗਿਆ ਹੈ। ਰਣਜੀਤ ਸਾਗਰ ਡੈਮ ਦੀ 22 ਕਿਲੋਮੀਟਰ ਲੰਬਾਈ ਵਾਲੀ ਝੀਲ ਵਿੱਚ ਇੱਕ ਦਿਨ ਵਿੱਚ ਹੀ ਸਵਾ ਮੀਟਰ ਪਾਣੀ ਦਾ ਪੱਧਰ ਵਧ ਗਿਆ ਹੈ।
ਸਰਹੱਦੀ ਕਸਬੇ ਵਿੱਚ ਪੈਂਦੇ ਉੱਝ ਦਰਿਆ ਵਿੱਚ ਪਾਣੀ ਦਾ ਪੱਧਰ 90 ਹਜ਼ਾਰ ਕਿਊਸਿਕ ਤੋਂ ਵੀ ਵਧ ਕੇ ਸ਼ਾਮ ਨੂੰ ਘਟਣਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਬਮਿਆਲ ਵਿਖੇ ਜਲਾਲੀਆ ਦਰਿਆ ਦਾ ਪਾਣੀ ਉਛਲ ਕੇ ਖੇਤਾਂ ਵਿੱਚ ਜਾ ਵੜਿਆ, ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਡੁੱਬ ਗਈਆਂ ਹਨ।
ਮਾਧੋਪੁਰ ਵਿਖੇ ਵੀ ਖੱਡਾਂ ਦਾ ਪਾਣੀ ਕਾਫ਼ੀ ਜਮ੍ਹਾਂ ਹੋ ਜਾਣ ਨਾਲ ਹੈੱਡ ਵਰਕਸ ਤੋਂ 20 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਹੇਠਾਂ ਦੀ ਤਰਫ਼ ਛੱਡਿਆ ਜਾ ਰਿਹਾ ਹੈ, ਜਦਕਿ ਚੱਕੀ ਦਰਿਆ ਵਿੱਚ ਵੀ ਪਾਣੀ ਦਾ ਪੱਧਰ 16 ਹਜ਼ਾਰ ਤੱਕ ਪੁੱਜ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਸੰਗਰੂਰ, ਬਰਨਾਲਾ, ਪਟਿਆਲਾ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਅਤੇ ਐਸ.ਬੀ.ਐਸ. ਨਗਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਵਿਭਾਗ ਨੇ 23 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਪਾਣੀ ਭਰੀਆਂ ਸੜਕਾਂ ‘ਤੇ ਸਾਵਧਾਨੀ ਨਾਲ ਵਾਹਨ ਚਲਾਉਣ ਅਤੇ ਮੌਸਮ ਵਿਭਾਗ ਦੀਆਂ ਤਾਜ਼ਾ ਹਦਾਇਤਾਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

