ਦਿੱਲੀ ਤੋਂ ਪੰਜਾਬ ਤੱਕ ਬਦਲਿਆ ਮੌਸਮ! 20 ਸੂਬਿਆਂ ਵਿੱਚ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ; ਜਾਣੋ ਆਪਣੇ ਇਲਾਕੇ ਦਾ ਹਾਲ

Global Team
3 Min Read

ਚੰਡੀਗੜ੍ਹ : ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਦਿੱਲੀ-ਐਨਸੀਆਰ ਸਣੇ ਜਿਆਦਾਤਰ ਸ਼ਹਿਰਾਂ ‘ਚ 7 ​​ਅਤੇ 8 ਅਪ੍ਰੈਲ ਨੂੰ ਬੱਦਲਵਾਈ, ਤੇਜ਼ ਹਵਾਵਾਂ, ਗਰਜ ਅਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ 7 ਅਪ੍ਰੈਲ ਨੂੰ ਦੇਸ਼ ਵਿੱਚ ਇੱਕ ਨਵੀ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ । ਦੋ ਪ੍ਰਣਾਲੀਆਂ ਦੇ ਇੱਕ-ਇੱਕ ਕਰਕੇ ਸਰਗਰਮ ਹੋਣ ਦੇ ਨਾਲ ਮੰਗਲਵਾਰ ਨੂੰ 20 ਤੋਂ ਵੱਧ ਰਾਜਾਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ‘ਚ ਵੀ ਕਈ ਥਾਵਾਂ ‘ਤੇ ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਪਹਾੜਾਂ ਤੱਕ ਪਹੁੰਚਣ ਤੋਂ ਬਾਅਦ ਮੌਸਮ ਬਦਲ ਗਿਆ ਹੈ। ਇਸ ਦੌਰਾਨ ਲਗਭਗ ਸਾਰੇ ਜ਼ਿਲ੍ਹਿਆਂ ਦਾ ਮੌਸਮ ਪ੍ਰਭਾਵਿਤ ਹੋਵੇਗਾ।

13 ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੌਰਾਨ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਤੂਫ਼ਾਨ ਹੋਵੇਗਾ। ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਵੀ ਭਾਰੀ ਮੀਂਹ ਪਿਆ ਅਤੇ ਸੋਮਵਾਰ ਨੂੰ ਸੀਕਰ ਵਿੱਚ ਤੂਫ਼ਾਨ ਆਇਆ। ਅੱਜ ਰਾਜ ਦੇ 10 ਜ਼ਿਲ੍ਹਿਆਂ ਲਈ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਦੂਜੇ ਪਾਸੇ ਹਰਿਆਣਾ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਹਿਸਾਰ, ਗੁਰੂਗ੍ਰਾਮ, ਨਾਰਨੌਲ ਅਤੇ ਭਿਵਾਨੀ ਦੇ ਨਾਲ-ਨਾਲ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਅੱਜ ਰਾਜ ਦੇ 17 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ।

ਜੰਮੂ-ਕਸ਼ਮੀਰ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਬਾਰਿਸ਼ ਦੇ ਨਾਲ ਬਰਫ਼ਬਾਰੀ ਹੋਈ ਅਤੇ ਸ਼ੋਪੀਆਂ ਤੇ ਕੁਲਗਾਮ ਸਮੇਤ ਕੁਝ ਇਲਾਕਿਆਂ ਵਿੱਚ ਗੜ੍ਹੇਮਾਰੀ ਹੋਈ। ਸ਼ੋਪੀਆਂ ਦਾ ਅਹਾਰਬਲ ਖੇਤਰ ਗੜ੍ਹੇਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਿਹਾ। ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਰਹੇ। ਸ੍ਰੀਨਗਰ ਸਮੇਤ ਕਈ ਮੈਦਾਨੀ ਇਲਾਕਿਆਂ ਵਿੱਚ ਸੂਰਜ ਨਹੀਂ ਨਿਕਲਿਆ। ਇਸ ਕਾਰਨ ਮੌਸਮ ਖੁਸ਼ਗਵਾਰ ਰਿਹਾ ਅਤੇ ਠੰਢੀ ਹਵਾ ਚੱਲਦੀ ਰਹੀ। ਮੌਸਮ ਵਿਭਾਗ ਅਨੁਸਾਰ ਇਥੇ ਅਗਲੇ ਕਈ ਦਿਨਾਂ ਤੱਕ ਮੌਸਮ ਵਿੱਚ ਉਤਾਰ-ਚੜ੍ਹਾਅ ਜਾਰੀ ਰਹੇਗਾ।

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਬਾਰਿਸ਼, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਸਰ ਰਹੇਗਾ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਚਮਕ ਅਤੇ 40–50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 10 ਰਾਜਾਂ ਵਿੱਚ ਆਰੇਂਜ ਅਲਰਟ ਅਤੇ 15 ਰਾਜਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

Share This Article
Leave a Comment