ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਕੱਲ੍ਹ ਤੋਂ ਕਈ ਇਲਾਕਿਆਂ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਾਰੀ ਮੀਂਹ ਦੇ ਮੱਦੇਨਜ਼ਰ ਅੱਜ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਵਿੱਚ ਪੰਜਾਬ ਦੇ ਪਟਿਆਲਾ, ਸੰਗਰੂਰ, ਮੋਹਾਲੀ, ਚੰਡੀਗੜ੍ਹ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹਰਿਆਣਾ ਦੇ ਅੰਬਾਲਾ, ਕੈਥਲ, ਕੁਰੂਕਸ਼ੇਤਰ, ਪੰਚਕੂਲਾ ਅਤੇ ਯਮੁਨਾਨਗਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਵੇਲੇ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ ਸ਼ਾਮਿਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ। ਮੀਂਹ ਲਈ ਓਰੇਂਜ ਚੇਤਾਵਨੀ ਅੱਜ ਵੀ ਲਾਗੂ ਹੈ।
ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਰੋਪੜ ਹੈਂਡ ਵਰਕਸ ਤੋਂ ਪਾਣੀ ਛੱਡਣ ਤੋਂ ਬਾਅਦ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਬਾਅਦ ਫਿਲੌਰ ਵਿੱਚ ਦਰਿਆ ਕੰਢੇ ਰਹਿਣ ਵਾਲੇ ਲੋਕਾਂ ਨੂੰ ਵੀ ਪੁਲਿਸ ਵੱਲੋਂ ਬਾਹਰ ਕੱਢਿਆ ਜਾ ਰਿਹਾ ਹੈ। ਦੱਸ ਦੇਈਏ ਕਿ ਨਦੀ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਡੈਮ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਲੋਕਾਂ ਨਾਲ ਗੱਲਬਾਤ ਚੱਲ ਰਹੀ ਹੈ ਜੋ ਉਨ੍ਹਾਂ ਦੀ ਮਦਦ ਕਰ ਰਹੇ ਹਨ। ਜਿਨ੍ਹਾਂ ਨੂੰ ਰਾਸ਼ਨ ਦੀ ਲੋੜ ਹੈ, ਉਨ੍ਹਾਂ ਨੂੰ ਵੀ ਉਹ ਮੁਹੱਈਆ ਕਰਵਾਇਆ ਜਾ ਰਿਹਾ ਹੈ।