ਇਸਲਾਮਾਬਾਦ: ਪਾਕਿਸਤਾਨ ਸਰਕਾਰ ਦੇ ਹੁਕਮਾਂ ‘ਤੇ ਅਧਿਕਾਰੀਆਂ ਨੇ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਪ੍ਰਦਰਸ਼ਨ ਨੂੰ ਲੈ ਕੇ ਸਖਤ ਕਦਮ ਚੁੱਕੇ ਹਨ। ਯੋਜਨਾ ਦੇ ਅਨੁਸਾਰ, ਅਧਿਕਾਰੀਆਂ ਨੇ ਦੋ ਮਹੀਨਿਆਂ ਲਈ ਰਾਜਧਾਨੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਪੰਜ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸਲਾਮਾਬਾਦ ‘ਚ ਅਧਿਕਾਰੀਆਂ ਦੇ ਇਸ ਕਦਮ ਕਾਰਨ ਇਮਰਾਨ ਖਾਨ ਦੇ ਸਮਰਥਕਾਂ ਦਾ ਪ੍ਰਦਰਸ਼ਨ ਪਹਿਲਾਂ ਹੀ ਦਮ ਤੋੜ ਸਕਦਾ ਹੈ।
ਦੱਸ ਦਈਏ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੇ ਪਿਛਲੇ ਹਫਤੇ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਪੀਟੀਆਈ ਨੇ ਕਿਹਾ ਸੀ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਆਪਣੇ ਸੰਸਥਾਪਕ ਇਮਰਾਨ ਖਾਨ ਦੀ ਰਿਹਾਈ ਲਈ ਸਰਕਾਰ ਨੂੰ ਮਜਬੂਰ ਕਰਨ ਲਈ 24 ਨਵੰਬਰ ਨੂੰ ਇਸਲਾਮਾਬਾਦ ਵਿੱਚ ਇੱਕ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਸਰਕਾਰ ਨੇ ਇਸਲਾਮਾਬਾਦ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ, ਜਿਸ ਤਹਿਤ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ।
ਇਸਲਾਮਾਬਾਦ ਜ਼ਿਲ੍ਹਾ ਮੈਜਿਸਟਰੇਟ ਉਸਮਾਨ ਅਸ਼ਰਫ਼ ਦੇ ਦਫ਼ਤਰ ਵੱਲੋਂ ਜਾਰੀ ਵੱਖ-ਵੱਖ ਨੋਟੀਫਿਕੇਸ਼ਨਾਂ ਅਨੁਸਾਰ ਧਾਰਾ 144 ਲਾਗੂ ਕੀਤੀ ਗਈ ਹੈ ਕਿਉਂਕਿ ਸਮਾਜ ਦੇ ਕੁਝ ਤੱਤ ਗੈਰ-ਕਾਨੂੰਨੀ ਢੰਗ ਨਾਲ ਇਕੱਠੇ ਹੋਣ ਦੀ ਯੋਜਨਾ ਬਣਾ ਰਹੇ ਹਨ ਜਿਸ ਨਾਲ ਜਨਤਕ ਸ਼ਾਂਤੀ ਭੰਗ ਹੋ ਸਕਦੀ ਹੈ। ਨੋਟੀਫਿਕੇਸ਼ਨ ਦੇ ਤਹਿਤ, ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠਾਂ ਹੋਣ ‘ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਹ ‘ਜਨਤਕ ਸ਼ਾਂਤੀ ਅਤੇ ਸਦਭਾਵਨਾ ਨੂੰ ਖਤਰੇ ਵਿੱਚ ਪਾ ਸਕਦੇ ਹਨ, ਮਨੁੱਖੀ ਜੀਵਨ ਅਤੇ ਸੁਰੱਖਿਆ ਨੂੰ ਖਤਰੇ ਵਿੱਚ ਪਾ ਸਕਦੇ ਹਨ’।