ਲੁਧਿਆਣਾ : ਵੈਸੇ ਤਾਂ ਸਿਆਸਤਦਾਨਾਂ ਵਿਚਕਾਰ ਆਪਸੀ ਬਿਆਨਬਾਜ਼ੀਆਂ ਹੁੰਦੀਆਂ ਹੀ ਰਹਿੰਦੀਆਂ ਹਨ, ਪਰ ਜੇਕਰ ਗੱਲ ਕਰੀਏ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਤਾਂ ਉਨ੍ਹਾਂ ਵੱਲੋਂ ਆਪਣੇ ਵਿਰੋਧੀਆਂ ‘ਤੇ ਲਗਾਤਾਰ ਤਿੱਖੇ ਨਿਸ਼ਾਨੇ ਲਗਾਏ ਜਾਂਦੇ ਹਨ। ਇਸੇ ਸਿਲਸਿਲੇ ਤਹਿਤ ਹੁਣ ਉਨ੍ਹਾਂ ਇੱਕ ਵਾਰ ਫਿਰ ਅਕਾਲੀ ਦਲ ਅਤੇ ਕਾਂਗਰਸ ਨੂੰ ਲੰਬੇ ਹੱਥੀਂ ਲਿਆ ਹੈ। ਮਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਇਹ ਸਜ਼ਾ ਉਮਰ ਕੈਦ ਵਿੱਚ ਤਬਦੀਲ ਹੋ ਰਹੀ ਹੈ ਤਾਂ ਇਹ ਕਨੂੰਨ ਅਨੁਸਾਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਨੂੰਨ ਦੇ ਇਸ ਫੈਸਲੇ ਦੀ ਹਿਮਾਇਤ ਕਰਦੇ ਹਨ। ਇਸ ਤੋਂ ਅੱਗੇ ਬੋਲਦਿਆਂ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਲੰਬੇ ਹੱਥੀਂ ਲਿਆ।
ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਸੁਖਬੀਰ ਬਾਦਲ ਨੇ ਪਾਣੀ ਵਾਲੀਆਂ ਬੱਸਾਂ ਚਲਾਉਣ ਦਾ ਸੁਪਨਾ ਦਿਖਾ ਕੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਤੇ ਹੁਣ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਉਹ ਨਸ਼ਾ ਖਤਮ ਕਰ ਦੇਣਗੇ ਪਰ ਅੱਜ ਹਾਲਾਤ ਇਹ ਹਨ ਕਿ ਘਰ ਘਰ ਇਹ ਨਸ਼ਾ ਪਹੁੰਚ ਚੁਕਾ ਹੈ। ਇੱਥੇ ਉਨ੍ਹਾਂ ਬੋਲਦਿਆਂ ਪੰਜਾਬ ਦੇ ਕਿਸਾਨਾਂ ਦੀਆਂ ਖੁਦਕਸ਼ੀਆਂ ਦੇ ਮੁੱਦੇ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਮਾਨ ਅਨੁਸਾਰ ਅੱਜ ਸੂਬੇ ਦੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ।