ਚੰਡੀਗੜ੍ਹ: ਮੋਗਾ ਦੇ ਪਿੰਡਾਂ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਨਾਜਾਇਜ਼ ਮਾਈਨਿੰਗ ਦਾ ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ‘ਚ ਸਾਹਮਣੇ ਆਇਆ ਸੀ। ਹੁਣ ਮੋਗਾ ਦੇ ਦੋ ਪਿੰਡਾਂ ਆਦਰਾਮਾਨ ਤੇ ਬਸੀਆਂ ਦੇ ਪਰੇਸ਼ਾਨ ਲੋਕਾਂ ਨੇ ਪਿੰਡਾਂ ਦੇ ਬਾਹਰ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇੱਥੇ ਬਿਨਾਂ ਕਿਸੇ ਵਾਤਾਵਰਨ ਪ੍ਰਵਾਨਗੀ ਤੋਂ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਪਹੁੰਚ ਰਿਹਾ ਹੈ ਸਗੋਂ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਵੀ ਬਰਬਾਦ ਹੋ ਰਹੀ ਹੈ। ਪਟੀਸ਼ਨ ‘ਚ ਹਾਈਕੋਰਟ ਨੂੰ ਦੱਸਿਆ ਗਿਆ ਕਿ ਇੱਥੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਦਾ ਕੋਈ ਠੇਕਾ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਇਸ ਦੀ ਕੋਈ ਇਜਾਜ਼ਤ ਹੈ, ਇਸ ਦੇ ਬਾਵਜੂਦ ਇੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸਤੋਂ ਪਹਿਲਾਂ ਪਿਛਲੇ ਮਹੀਨੇ 19 ਦਸੰਬਰ 2023 ਨੂੰ ਲੁਧਿਆਣਾ ਜ਼ਿਲ੍ਹੇ ਦੇ ਚਾਰ ਪਿੰਡਾਂ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਤੋਂ ਪ੍ਰੇਸ਼ਾਨ ਹੋ ਕੇ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।