ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਅੱਜ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿੱਚ ਕਰਵਾਇਆ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸਸਕਾਰ ਸੈਕਟਰ-25 ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਰਾਹੀਂ ਪਰਿਵਾਰ ਨੇ ਦਲਜੀਤ ਸਿੰਘ ਦੀ ਮੌਤ ਦੀ ਸੀ.ਬੀ.ਆਈ. ਜਾਂਚ ਕਰਵਾਉਣ, ਪੀ.ਜੀ.ਆਈ. ਵਿੱਚ ਨਿਰਪੱਖ ਪੋਸਟਮਾਰਟਮ ਕਰਵਾਉਣ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ। ਪਰਿਵਾਰ ਵੱਲੋਂ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਇਸ ਤੋਂ ਬਾਅਦ 27 ਅਕਤੂਬਰ ਨੂੰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਸ਼ਿਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਮ੍ਰਿਤਕ ਦੇਹ ਨੂੰ ਮਾਨਸਾ ਵਿਖੇ ਧਰਨੇ ਵਾਲੀ ਥਾਂ ਲਿਜਾਇਆ ਜਾ ਰਿਹਾ ਸੀ।
ਇਸ ਦੌਰਾਨ ਪਰਿਵਾਰ ਨੇ ਦੋਸ਼ ਲਾਇਆ ਕਿ ਰਾਮਦਿੱਤੇ ਵਾਲਾ ਚੌਕ ਵਿਖੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਮ੍ਰਿਤਕ ਦੇਹ ਨੂੰ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ। ਪਰਿਵਾਰ ਦਾ ਇਹ ਵੀ ਕਹਿਣਾ ਸੀ ਕਿ ਉਨ੍ਹਾਂ ਦੀ ਸਹਿਮਤੀ ਅਤੇ ਜਾਣਕਾਰੀ ਤੋਂ ਬਿਨਾਂ ਹੀ ਪਹਿਲਾਂ ਪੋਸਟਮਾਰਟਮ ਕਰਵਾ ਦਿੱਤਾ ਗਿਆ ਸੀ। ਹੁਣ ਹਾਈ ਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੀ.ਜੀ.ਆਈ. ਚੰਡੀਗੜ੍ਹ ਵਿੱਚ ਮੁੜ ਪੋਸਟਮਾਰਟਮ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਪੋਸਟਮਾਰਟਮ ਤੋਂ ਬਾਅਦ ਸੈਕਟਰ-25 ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕਰਵਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਫਿਲਹਾਲ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅਗਲੀ ਕਾਰਵਾਈ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

