ਚੰਡੀਗੜ੍ਹ:ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ ਪਾਈ ਗਈ ਨਵੀਂ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਲੋਕ ਸਭਾ ਦੀ ਕਾਰਵਾਈ ‘ਚ ਕਿਸੇ ਸੰਸਦ ਮੈਂਬਰ ਦੇ ਵਰਚੁਅਲ ਮੋਡ ਰਾਹੀਂ ਸ਼ਾਮਿਲ ਹੋਣ ਦਾ ਕੋਈ ਪ੍ਰਬੰਧ ਨਹੀਂ ਹੈ।
ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਇਸ ‘ਤੇ ਸਪੱਸ਼ਟ ਕੀਤਾ ਕਿ ਇਸ ਪੜਾਅ ‘ਤੇ ਕਿਸੇ ਵੀ ਤਰ੍ਹਾਂ ਦੀ ਅੰਤਰਿਮ ਰਾਹਤ ਦੇਣਾ ਪਟੀਸ਼ਨ ਦੇ ਅੰਤਿਮ ਨਿਪਟਾਰੇ ਦੇ ਬਰਾਬਰ ਹੋਵੇਗਾ, ਇਸ ਲਈ ਫਿਲਹਾਲ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ 10 ਦਿਨਾਂ ਦਾ ਸਮਾਂ ਦਿੰਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ।
ਅਦਾਲਤ ਨੇ ਸੂਬਾ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪਟੀਸ਼ਨ ‘ਤੇ ਆਪਣਾ ਵਿਸਥਾਰਪੂਰਵਕ ਜਵਾਬ ਅਗਲੇ 10 ਦਿਨਾਂ ਦੇ ਅੰਦਰ ਅਦਾਲਤ ਵਿੱਚ ਦਾਇਰ ਕਰੇ। ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਪੈਰੋਲ ਦੀ ਅਰਜ਼ੀ ਰੱਦ ਕਰਨ ਦੇ ਫੈਸਲੇ ਨੂੰ ‘ਗੈਰ-ਕਾਨੂੰਨੀ’ ਅਤੇ ‘ਰਾਜਨੀਤਿਕ ਬਦਲਾਖੋਰੀ’ ਦੱਸਦਿਆਂ ਚੁਣੌਤੀ ਦਿੱਤੀ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਹਨ:
28 ਜਨਵਰੀ ਤੋਂ 13 ਫਰਵਰੀ ਅਤੇ 9 ਮਾਰਚ ਤੋਂ 2 ਅਪ੍ਰੈਲ ਤੱਕ ਚੱਲਣ ਵਾਲੇ ਸੈਸ਼ਨ ਵਿੱਚ ਸ਼ਾਮਿਲ ਹੋਣ ਲਈ NSA ਦੀ ਧਾਰਾ 15 ਤਹਿਤ ਰਿਹਾਈ। 19 ਲੱਖ ਵੋਟਰਾਂ ਦੀ ਨੁਮਾਇੰਦਗੀ ਕਰਦਿਆਂ ਅਗਸਤ 2025 ਦੇ ਹੜ੍ਹਾਂ ਅਤੇ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਦੀ ਸਮੱਸਿਆ ਨੂੰ ਸੰਸਦ ਵਿੱਚ ਚੁੱਕਣਾ।
ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਜਵਾਬ ‘ਤੇ ਹਨ। ਸਰਕਾਰ ਵੱਲੋਂ ਜਵਾਬ ਦਾਇਰ ਕੀਤੇ ਜਾਣ ਤੋਂ ਬਾਅਦ ਹੀ ਇਹ ਤੈਅ ਹੋਵੇਗਾ ਕੀ ਅਦਾਲਤ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਲਈ ਆਰਜ਼ੀ ਰਾਹਤ ਦਿੰਦੀ ਹੈ ਜਾਂ ਨਹੀਂ।

