ਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਨਤੀਜਿਆਂ ’ਤੇ ਹਾਈਕੋਰਟ ਨੇ ਲਗਾਈ ਰੋਕ

Global Team
2 Min Read

ਕਪੂਰਥਲਾ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 8 ਜੁਲਾਈ ਨੂੰ ਹੋਈ ਚੋਣ ਦੇ ਨਤੀਜਿਆਂ ’ਤੇ 30 ਜੁਲਾਈ ਤੱਕ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੇ ਹੁਕਮਾਂ ਤਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਕੰਮਕਾਜ ਕਪੂਰਥਲਾ ਦੇ ਡਿਪਟੀ ਕਮਿਸ਼ਨਰ (DC) ਦੇਖਣਗੇ।

ਸੁਣਵਾਈ ਦੌਰਾਨ ਮੰਗਲਵਾਰ ਨੂੰ ਹਾਈਕੋਰਟ ਦੇ ਸਾਹਮਣੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਪੇਸ਼ ਕੀਤੀ ਗਈ। ਵੀਡੀਓ ਦੇਖਣ ਤੋਂ ਬਾਅਦ ਅਦਾਲਤ ਨੇ ਚੋਣਾਂ ਦੀ ਨਿਰਪੱਖਤਾ ਤੇ ਪੂਰੀ ਪ੍ਰਕਿਰਿਆ ‘ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਮਾਮਲੇ ਦੀ ਸੱਚਾਈ ਦੀ ਸੁਤੰਤਰ ਜਾਂਚ ਨੂੰ ਯਕੀਨੀ ਬਣਾਉਣ ਲਈ ਹਾਈ ਕੋਰਟ ਨੇ ਵੀਡੀਓਗ੍ਰਾਫੀ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਨੂੰ ਭੇਜਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਫੋਰੈਂਸਿਕ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ ਤੇ ਚੋਣ ਦੀ ਜਾਇਜ਼ਤਾ ਬਾਰੇ ਫੈਸਲਾ ਲਿਆ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ, ਕਾਂਗਰਸ ਦੇ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਇਸ ਚੋਣ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਜਸਟਿਸ ਦੀਪਕ ਸਿੱਬਲ ਅਤੇ ਜਸਟਿਸ ਰੁਪਿੰਦਰ ਚਾਹਲ ਦੇ ਡਿਵੀਜ਼ਨ ਬੈਂਚ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਸਮੁੱਚਾ ਰਿਕਾਰਡ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਬੀਤੇ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਡਿਵੀਜ਼ਨ ਬੈਂਚ ਨੇ ਚੋਣ ਨਤੀਜਿਆਂ ’ਤੇ 30 ਜੁਲਾਈ ਤੱਕ ਅੰਤਰਿਮ ਰੋਕ ਲਗਾ ਦਿੱਤੀ ਅਤੇ ਇਸ ਸਮੇਂ ਦੌਰਾਨ ਡਿਪਟੀ ਕਮਿਸ਼ਨਰ ਨੂੰ ਨਗਰ ਨਿਗਮ ਦੇ ਪ੍ਰਸ਼ਾਸਕ ਵਜੋਂ ਰੋਜ਼ਾਨਾ ਦਾ ਕੰਮਕਾਜ ਸੰਭਾਲਣ ਦੇ ਨਿਰਦੇਸ਼ ਦਿੱਤੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment