ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦੀ ਵਾਇਰਲ ਹੋਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਅਤੇ NDPS ਐਕਟ ਅਧੀਨ ਫਸੀ ਮਹਿਲਾ ਕਾਂਸਟੇਬਲ ਦੇ ਮਾਮਲੇ ਸੰਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਜਵਾਬ ਦੇਣ ਲਈ ਤਲਬ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ, ਮੋਹਾਲੀ ਨਿਵਾਸੀ ਨਿਖਿਲ ਸਰਾਫ ਨੇ ਇਨ੍ਹਾਂ ਦੋਵੇਂ ਮਾਮਲਿਆਂ ਦੀ ਜਾਂਚ ਦੀ ਮੰਗ ਕਰਦੇ ਹੋਏ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਵੇਂ ਮਾਮਲਿਆਂ ਦੀ ਫੋਰੈਂਸਿਕ ਜਾਂਚ ਦੀ ਅਪੀਲ ਕੀਤੀ ਗਈ ਹੈ।
ਪਹਿਲਾ ਮਾਮਲਾ ਇੱਕ ਪੁਲਿਸ ਅਧਿਕਾਰੀ ਨਾਲ ਜੁੜਿਆ ਹੈ, ਜਿਸਦੀ ਆਡੀਓ ਹਾਲ ਹੀ ਵਿੱਚ ਵਾਇਰਲ ਹੋਈ ਸੀ, ਜਿਸ ਵਿੱਚ ਉਕਤ ਅਧਿਕਾਰੀ ਉੱਤੇ ਵੇਸਵਾਚਾਰ, ਜਿਨਸੀ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਿਲ ਹੋਣ ਦੇ ਦੋਸ਼ ਲਗਾਏ ਗਏ ਹਨ। ਆਡੀਓ ਦੀ ਫੋਰੈਂਸਿਕ ਜਾਂਚ ਕਰਵਾ ਕੇ ਇਹ ਪਤਾ ਲਗਾਇਆ ਜਾਣਾ ਲਾਜ਼ਮੀ ਹੈ ਕਿ ਆਡੀਓ ਅਸਲੀ ਹੈ, ਜਾਲਸਾਜ਼ੀ ਹੈ ਜਾਂ ਫਿਰ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਬਣਾਈ ਗਈ ਹੈ।
ਇਸ ਤੋਂ ਇਲਾਵਾ, 2 ਅਪ੍ਰੈਲ ਨੂੰ 17.71 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੀ ਜਾਂਚ ਦੀ ਮੰਗ ਵੀ ਕੀਤੀ ਗਈ ਹੈ, ਕਿਉਂਕਿ ਇਸ ਮਹਿਲਾ ਕਾਂਸਟੇਬਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਇੱਕ ਸੀਨੀਅਰ ਪੁਲਿਸ ਅਧਿਕਾਰੀ ਨਾਲ ਸਬੰਧ ਹੋਣ ਦੀ ਗੱਲ ਕਹੀ ਸੀ।