ਚੰਡੀਗੜ੍ਹ: ਡਰੱਗ ਮਾਮਲੇ ‘ਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ਨੇ ਮਜੀਠੀਆ ਅਤੇ ਪੰਜਾਬ ਸਰਕਾਰ ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ। ਜਿਸ ਤੋਂ ਬਾਅਦ ਹੁਣ ਆਉਣ ਵਾਲੇ ਦਿਨਾਂ ‘ਚ ਹਾਈਕੋਰਟ ਵੱਲੋਂ ਸਪੱਸ਼ਟ ਕੀਤਾ ਜਾਵੇਗਾ ਕਿ ਮਜੀਠੀਆ ਨੂੰ ਮਿਲੀ ਰਾਹਤ ਜਾਰੀ ਰਹੇਗੀ ਜਾਂ ਨਹੀਂ।
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦਾ ਰੁੱਖ ਕੀਤਾ ਤੇ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਹਾਈਕੋਰਟ ਨੇ ਅਰਜ਼ੀ ‘ਤੇ ਸੁਣਵਾਈ ਕਰਦਿਆਂ 10 ਜਨਵਰੀ ਨੂੰ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।