ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਦੀ ਮੰਗ ਕਰਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਆਪਣਾ ਫੈਸਲਾ ਜਾਰੀ ਕਰੇਗਾ। ਬੀਤੇ ਦਿਨ ਵੀਰਵਾਰ ਨੂੰ ਹਾਈਕੋਰਟ ਨੇ ਰਾਮ ਰਹੀਮ ਦੀ ਫਰਲੋ ਵਾਲੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਆਪਣਾ ਫ਼ੈਸਲਾ ਸੁਣਾਏਗੀ।
ਡੇਰਾ ਮੁਖੀ ਦੀ ਤਰਫੋਂ ਕਿਹਾ ਗਿਆ ਕਿ ਉਨ੍ਹਾਂ ਨੇ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਦਿੱਤੀ ਹੈ। ਹਾਈ ਕੋਰਟ ਨੂੰ ਉਨ੍ਹਾਂ ਨੂੰ ਫਰਲੋ ਦੇਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ।
ਡੇਰਾ ਮੁਖੀ ਵੱਲੋਂ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਡੇਰੇ ਵਿੱਚ ਸੇਵਾਦਾਰ ਸ਼ਰਧਾਂਜਲੀ ਭੰਡਾਰਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਹਾਜ਼ਰੀ ਭਰਨ ਲਈ ਛੁੱਟੀ ਦਿੱਤੀ ਜਾਵੇ। ਸੇਵਾਦਾਰ ਸ਼ਰਧਾਂਜਲੀ ਭੰਡਾਰਾ ਉਹਨਾਂ ਵਲੰਟੀਅਰਾਂ ਦੀ ਯਾਦ ਵਿੱਚ ਇੱਕ ਸਮਾਗਮ ਹੈ ਜਿਹਨਾਂ ਨੇ ਸਾਰੀ ਉਮਰ ਡੇਰੇ ਦੇ ਸਮਾਜ ਸੇਵੀ ਕੰਮਾਂ ਵਿੱਚ ਹਿੱਸਾ ਲਿਆ ਅਤੇ ਆਪਣੀ ਮੌਤ ਤੱਕ ਸਮਾਜ ਸੇਵੀ ਕੰਮਾਂ ਨਾਲ ਜੁੜੇ ਰਹੇ।
ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋਈਆਂ ਹਨ। ਹਾਈਕੋਰਟ ਦੀ ਸਖ਼ਤੀ ਦੇ ਚੱਲਦਿਆਂ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ। ਜਦੋਂ ਕਿ 2022 ਤੋਂ ਹੁਣ ਤੱਕ ਉਹ 192 ਦਿਨਾਂ ਲਈ 6 ਵਾਰ ਫਰਲੋ ਅਤੇ 3 ਵਾਰ ਪੈਰੋਲ ‘ਤੇ ਬਾਹਰ ਆ ਚੁੱਕਾ ਹੈ।
- Advertisement -