ਹਿਜਾਬ ਵਿਵਾਦ: ਮੁੱਖ ਮੰਤਰੀ ਨਾਲ ਮੰਤਰੀਆਂ, ਉੱਚ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ, ਸਥਿਤੀ ‘ਤੇ ਵਿਚਾਰ ਚਰਚਾ

TeamGlobalPunjab
3 Min Read

ਕਰਨਾਟਕ- ਕਰਨਾਟਕ ‘ਚ ਹਿਜਾਬ ਵਿਵਾਦ ਅਜੇ ਖਤਮ ਨਹੀਂ ਹੋਇਆ ਹੈ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਬਸਵਾਰਾਜ ਬੋਮਈ ਅੱਜ ਇਸ ਮੁੱਦੇ ‘ਤੇ ਉੱਚ ਪੱਧਰੀ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਮੰਤਰੀ ਅਤੇ ਉੱਚ ਅਧਿਕਾਰੀ ਹਿੱਸਾ ਲੈਣਗੇ। ਮੁੱਖ ਮੰਤਰੀ ਇਸ ਮੀਟਿੰਗ ਵਿੱਚ ਇਸ ਵਿਵਾਦ ਸਬੰਧੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਅੱਜ ਸਾਰੇ ਮੰਤਰੀਆਂ, ਡਿਪਟੀ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੀ ਜ਼ਮੀਨੀ ਸਥਿਤੀ ਬਾਰੇ ਜਾਣਕਾਰੀ ਲਈ ਜਾਵੇਗੀ। ਇਸ ਅਨੁਸਾਰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ ਜਾਣਗੀਆਂ। ਮੈਂ ਸਿੱਖਿਆ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਉੱਚ ਅਧਿਕਾਰੀਆਂ ਨੂੰ ਜ਼ਿਲ੍ਹਾ ਅਤੇ ਤਾਲੁਕਾ ਪੱਧਰ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ, ‘ਜਦੋਂ ਤੱਕ ਹਾਈ ਕੋਰਟ ਆਪਣਾ ਫੈਸਲਾ ਨਹੀਂ ਦਿੰਦਾ, ਉਦੋਂ ਤੱਕ ਸੂਬੇ ਵਿੱਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ।

ਜਦੋਂ ਸਕੂਲ ਮੁੜ ਖੁੱਲ੍ਹਣਗੇ, ਤਾਂ ਇਹ ਯਕੀਨੀ ਬਣਾਉਣ ਲਈ ਵੀ ਜ਼ਰੂਰੀ ਕਦਮ ਚੁੱਕੇ ਜਾਣਗੇ ਕਿ ਸਥਿਤੀ ਕਿਸੇ ਵੀ ਤਰ੍ਹਾਂ ਵਿਗੜ ਨਾ ਜਾਵੇ। ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਕੇ ਸ਼ਾਂਤ ਰਹੋ। ਸਕੂਲ ਨੂੰ ਲੈ ਕੇ ਜੋ ਡਰੈੱਸ ਕੋਡ ਜਾਰੀ ਕੀਤਾ ਗਿਆ ਸੀ, ਜਿਸ ਕਾਰਨ ਸੂਬੇ ‘ਚ ਵਿਵਾਦ ਖੜ੍ਹਾ ਹੋ ਗਿਆ ਸੀ, ਹੁਣ ਇਹ ਮਾਮਲਾ ਹਾਈ ਕੋਰਟ ‘ਚ ਹੈ। ਉਨ੍ਹਾਂ ਨੇ ਸੂਬੇ ਦੇ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਕੁਝ ਵਿਜ਼ੂਅਲ ਕਲਿੱਪ ਸਾਹਮਣੇ ਆਏ ਹਨ, ਪਰ ਕਿਸੇ ਨੂੰ ਵੀ ਭੜਕਾਹਟ ਵਿੱਚ ਨਹੀਂ ਆਉਣਾ ਚਾਹੀਦਾ।

ਦੱਸ ਦੇਈਏ ਕਿ ਹਿਜਾਬ ਵਿਵਾਦ ਦੇ ਮੱਦੇਨਜ਼ਰ ਕਰਨਾਟਕ ਸਰਕਾਰ ਨੇ ਵੀਰਵਾਰ ਨੂੰ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਤਿੰਨ ਦਿਨਾਂ ਲਈ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਸਕੂਲ ਸੋਮਵਾਰ ਤੋਂ ਖੁੱਲ੍ਹਣਗੇ ਪਰ ਕਾਲਜ ਮੁੜ ਖੋਲ੍ਹਣ ਦੀਆਂ ਤਰੀਕਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਸੀਐਮ ਨੇ ਕਿਹਾ, ‘ਚੀਫ਼ ਜਸਟਿਸ ਨੇ ਹੁਕਮ ਦਿੱਤਾ ਹੈ ਕਿ ਹਾਈ ਕੋਰਟ ਦਾ ਤਿੰਨ ਮੈਂਬਰੀ ਬੈਂਚ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰੇਗਾ ਅਤੇ ਫੈਸਲਾ ਆਉਣ ਤੱਕ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ। ਚੀਫ਼ ਜਸਟਿਸ ਨੇ ਹਦਾਇਤ ਕੀਤੀ ਹੈ ਕਿ ਫ਼ੈਸਲਾ ਆਉਣ ਤੱਕ ਸਕੂਲਾਂ ਅਤੇ ਕਾਲਜਾਂ ਵਿੱਚ ਕੋਈ ਵੀ ਧਾਰਮਿਕ ਕੱਪੜੇ ਨਾ ਪਹਿਨੇ ਜਾਣ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment