ਹਿਜਾਬ ਮਾਮਲੇ ‘ਚ ਫੈਸਲਾ ਸੁਣਾਉਣ ਵਾਲੇ ਜੱਜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਅਲਰਟ

TeamGlobalPunjab
3 Min Read

ਬੰਗਲੌਰ- ਕਰਨਾਟਕ ਦੇ ਹਿਜਾਬ ਕੇਸ ਵਿੱਚ ਫੈਸਲਾ ਸੁਣਾਉਣ ਵਾਲੇ ਜੱਜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਧਮਕੀ ਭਰਿਆ ਵੀਡੀਓ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। 15 ਮਾਰਚ ਨੂੰ ਹਾਈ ਕੋਰਟ ਨੇ ਵਿਦਿਅਕ ਅਦਾਰਿਆਂ ਵਿੱਚ ਵਰਦੀਆਂ ਸਬੰਧੀ ਸੂਬਾ ਸਰਕਾਰ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਸੀ। ਫਿਲਹਾਲ ਪਟੀਸ਼ਨਕਰਤਾਵਾਂ ਨੇ ਇਸ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਐਡਵੋਕੇਟ ਉਮਾਪਤੀ ਨੇ ਇਸ ਮਾਮਲੇ ‘ਚ ਸ਼ਨੀਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਟਸਐਪ ‘ਤੇ ਇੱਕ ਵੀਡੀਓ ਮਿਲਿਆ ਹੈ ਜਿਸ ਵਿੱਚ ਇੱਕ ਵਿਅਕਤੀ ਚੀਫ਼ ਜਸਟਿਸ ਰਿਤੂਰਾਜ ਅਵਸਥੀ ਨੂੰ ਖੁੱਲ੍ਹੇਆਮ ਧਮਕੀਆਂ ਦਿੰਦਾ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਉਹ ਝਾਰਖੰਡ ਦੇ ਜੱਜ ਦੇ ਕਥਿਤ ਕਤਲ ਦਾ ਵੀ ਜ਼ਿਕਰ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਕਿਹਾ, ‘ਬੋਲਣ ਵਾਲੇ ਨੇ ਕਰਨਾਟਕ ਦੇ ਚੀਫ਼ ਜਸਟਿਸ ਨੂੰ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਹਨ ਕਿ ਲੋਕ ਜਾਣਦੇ ਹਨ ਕਿ ਉਹ ਕਿੱਥੇ ਸੈਰ ਕਰਨ ਜਾਂਦੇ ਹਨ’। ਉਸ ਨੇ ਕਿਹਾ ਕਿ ਵਿਅਕਤੀ ਨੇ ਪਰਿਵਾਰਕ ਮੈਂਬਰਾਂ ਨਾਲ ਜੱਜ ਦੇ ਉਡੁਪੀ ਮੱਠ ਦੇ ਦੌਰੇ ਦਾ ਵੀ ਜ਼ਿਕਰ ਕੀਤਾ ਅਤੇ ਅਦਾਲਤ ਦੇ ਫੈਸਲੇ ਬਾਰੇ ਗੱਲ ਕਰਦੇ ਹੋਏ ਅਪਮਾਨਜਨਕ ਭਾਸ਼ਾ ਦੀ ਵਰਤੋਂ ਵੀ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਕਿਹਾ ਕਿ ਇਹ ਵੀਡੀਓ ਤਾਮਿਲਨਾਡੂ ਦੇ ਮਦੁਰਾਈ ਵਿੱਚ ਸ਼ੂਟ ਕੀਤਾ ਗਿਆ ਹੋ ਸਕਦਾ ਹੈ।

ਇੱਕ ਹੋਰ ਵਕੀਲ ਸੁਧਾ ਕਾਤਵਾ ਨੇ ਵੀ ਵਾਇਰਲ ਵੀਡੀਓ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਵਸਥੀ, ਜਸਟਿਸ ਕ੍ਰਿਸ਼ਨਾ ਦੀਕਸ਼ਿਤ ਅਤੇ ਕਾਜ਼ੀ ਐਮ ਜ਼ੈਬੁਨਨੀਸਾ ਦੀ ਤਿੰਨ ਮੈਂਬਰੀ ਬੈਂਚ ਨੇ ਹਿਜਾਬ ਮਾਮਲੇ ਵਿੱਚ ਇਹ ਫ਼ੈਸਲਾ ਸੁਣਾਇਆ ਸੀ।

- Advertisement -

ਮੀਡੀਆ ਰਿਪੋਰਟਾਂ ਮੁਤਾਬਕ ਹਾਈ ਕੋਰਟ ਦੇ ਜੱਜਾਂ ਨੂੰ ਧਮਕੀਆਂ ਦੇਣ ਵਾਲੇ ਦੋ ਲੋਕਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇੱਕ ਪਾਸੇ ਕੋਵਈ ਰਹਿਮਤੁੱਲਾ ਨਾਂ ਦੇ ਵਿਅਕਤੀ ਨੂੰ ਤਿਰੁਨਲਵੇਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 44 ਸਾਲਾ ਜਮਾਲ ਮੁਹੰਮਦ ਉਸਮਾਨੀ ਨੂੰ ਤੰਜਵੁਰ ਤੋਂ ਹਿਰਾਸਤ ਵਿੱਚ ਲਿਆ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment