ਕੈਪਟਨ ਸਰਕਾਰ ਨੇ ਵਧਾਇਆ ਰੋਡ ਟੈਕਸ, ਆਮ ਆਦਮੀ ਪਾਰਟੀ ਨੇ ਕੀਤੀ ਨਿਖੇਧੀ

TeamGlobalPunjab
3 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਨਵੇਂ ਵਾਹਨਾਂ ਦੀ ਖਰੀਦ ਉਤੇ ਰੋਡ ਟੈਕਸ ਵਧਾਉਣ ਦੀ ਸਖਤ ਨਿਖੇਧੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਵਾਅਦੇ ਕੁਝ ਹੋਰ ਕਰਦੀ ਹੈ ਅਤੇ ਫੈਸਲੇ ਉਸ ਤੋਂ ਉਲਟ ਲੈਂਦੀ ਹੈ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵੱਧਦੀ ਮਹਿੰਗਾਈ ਨੇ ਪਹਿਲਾਂ ਹੀ ਪੰਜਾਬ ਦੇ ਲੋਕਾਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ, ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਉੱਤੇ ਟੈਕਸ ਵਧਾਕੇ ਹੋਰ ਬੋਝ ਪਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਅੰਤਰ ਹੈ, ਇਹ ਹੁਣ ਲੋਕਾਂ ਸਾਹਮਣੇ ਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਫੀਸਦੀ ਰੋਡ ਟੈਕਸ ਵਿਚ ਕੀਤੇ ਗਏ ਵਾਧੇ ਨਾਲ ਲੋਕਾਂ ਦੀ ਜੇਬ ਉਤੇ ਹੋਰ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਲੋਕ 9 ਫੀਸਦੀ ਰੋਡ ਟੈਕਸ ਦੇ ਰਹੇ ਸਨ, ਜਿਨ੍ਹਾਂ ਨੂੰ ਹੁਣ 10 ਫੀਸਦੀ ਟੈਕਸ ਦੇਣਾ ਪਵੇਗਾ, ਜਦੋਂ ਕਿ ਸਭ ਤੋਂ ਘੱਟ ਕੀਮਤ ਵਾਲੀ ਗੱਡੀ ਖਰੀਦਦੇ ਸਨ ਤਾਂ 7 ਫੀਸਦੀ ਟੈਕਸ ਦਿੰਦੇ ਸਨ ਜਿਨ੍ਹਾਂ ਨੂੰ ਹੁਣ 8 ਫੀਸਦੀ ਟੈਕਸ ਦੇਣਾ ਪਵੇਗਾ। ਉਨ੍ਹਾਂ ਕਿਹਾ ਕੈਪਟਨ ਸਰਕਾਰ ਹਮੇਸ਼ਾਂ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਕੇਂਦਰ ਸਰਕਾਰ ਵੱਲੋਂ ਵਧਾਏ ਗਏ ਤੇਲ ਦੀਆਂ ਕੀਮਤਾਂ ਦਾ ਵਿਰੋਧ ਕਰਦੀ ਹੋਈ ਡਰਾਮੇਬਾਜ਼ੀ ਕਰ ਰਹੀ ਹੈ, ਦੂਜੇ ਪਾਸੇ ਖੁਦ ਕੈਪਟਨ ਦੀ ਸਰਕਾਰ ਮੋਦੀ ਸਰਕਾਰ ਦੇ ਵਾਂਗ ਟੈਕਸਾਂ ਰਾਹੀਂ ਲੋਕਾਂ ਨੂੰ ਲੁੱਟ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਕੇਂਦਰ ਸਰਕਾਰ ਵੱਲੋਂ ਵਧਾਈਆਂ ਗਈਆਂ ਤੇਲ ਦੀਆਂ ਕੀਮਤਾਂ ਦੇ ਵਾਧੇ ਦਾ ਵਿਰੋਧ ਕਰਦੇ ਹੋਏ ਡਰਾਮੇਬਾਜ਼ੀ ਕਰ ਰਹੇ ਹਨ, ਪ੍ਰੰਤੂ ਪਿਛਲੇ ਦਿਨੀਂ ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਉੱਤੇ ਸੈਸ ਲਗਾਇਆ ਤਾਂ ਇਸ ਵਿਰੁੱਧ ਕੋਈ ਸ਼ਬਦ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੋਗਲੀ ਰਾਜਨੀਤੀ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਇਸ ਸਮੇਂ ਸਭ ਤੋਂ ਵੱਡੀ ਮੁਸ਼ਕਿਲ ਵਿੱਚੋਂ ਨਿਕਲ ਰਹੀ ਹੈ ਇਕ ਪਾਸੇ ਤਾਂ ਮੋਦੀ ਆਪਣੇ ਤਾਨਾਸ਼ਾਹੀ ਰਵੱਈਏ ਦੇ ਚਲਦਿਆਂ ਕਿਸਾਨ ਅੰਦੋਲਨ ਨੂੰ ਖਤਮ ਕਰਾਉਣ ਲਈ ਪੰਜਾਬ ਦੇ ਲੋਕਾਂ ਉੱਤੇ ਟੈਕਸ ਥੋਪਦੇ ਹੋਏ ਪੰਜਾਬ ਨੂੰ ਮਿਲਣ ਵਾਲੇ ਫੰਡਾਂ ਉੱਤੇ ਕੱਟ ਲਗਾ ਰਹੇ ਹਨ।

ਦੂਜੇ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਹੀ ਆਪਣਾ ਕੰਮ ਕਰਦੀ ਹੋਈ ਪੰਜਾਬ ਦੇ ਲੋਕਾਂ ਉੱਤੇ ਹੋਰ ਟੈਕਸ ਦੀ ਮਾਰ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵੀ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਤਾਂ ਕੀ ਕਰਨਾ ਸੀ, ਸਗੋਂ ਲੋਕਾਂ ਉੱਤੇ ਹੋਰ ਬੋਝ ਪਾਉਣ ਦੇ ਇਰਾਦੇ ਨਾਲ ਹੀ ਹਮੇਸ਼ਾ ਕੰਮ ਕਰਦੀ ਆ ਰਹੀ ਹੈ।

- Advertisement -

Share this Article
Leave a comment