ਹਿਮਾਚਲ ਸਰਕਾਰ ਨੇ ਬਹਾਲ ਕੀਤੀ ਪੁਰਾਣੀ ਪੈਨਸ਼ਨ ਸਕੀਮ

Prabhjot Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਲੱਖਾਂ ਕਰਮਚਾਰੀਆਂ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਨੋਟੀਫਿਕੇਸ਼ਨ ਜਾਰੀ ਕੀਤਾ। ਸਰਕਾਰ ਵਲੋਂ ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਦੇਖਦੇ ਹੋਏ ਹੁਣ ਇਹ ਕਿਹਾ ਜਾ ਸਕਦਾ ਹੈ ਕਿ ਹਿਮਾਚਲ ਦੇ ਸਰਕਾਰੀ ਕਰਮਚਾਰੀ ਇਸ ਮਹੀਨੇ ਤੋਂ ਹੀ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਲੈ ਸਕਣਗੇ। ਜ਼ਿਕਰਯੋਗ ਹੈ ਕਿ ਇਸ ਸਬੰਧੀ ਫੈਸਲਾ 13 ਜਨਵਰੀ ਨੂੰ ਸੁੱਖੂ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਤੋਂ ਬਾਅਦ ਹੁਣ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਦੱਸਿਆ ਕਿ ਸਰਕਾਰ ਨੇ 1 ਅਪ੍ਰੈਲ, 2023 ਤੋਂ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਨੂੰ ਬਹਾਲ ਕਰਨ ਦਾ ਫੈਸਲਾ ਲਿਆ ਹੈ। ਮੁੱਖ ਸਕੱਤਰ ਅਨੁਸਾਰ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਕੁੱਲ 1.36 ਲੱਖ ਮੁਲਾਜ਼ਮਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਦੀ ਗਿਣਤੀ ਹੁਣ ਰਾਸ਼ਟਰੀ ਪੈਨਸ਼ਨ ਯੋਜਨਾ ਤਹਿਤ ਨਹੀਂ ਕੀਤੀ ਜਾਵੇਗੀ।

ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ (ਕਾਂਗਰਸ) ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਗਏ ਪ੍ਰਮੁੱਖ ਵਾਅਦਿਆਂ ਵਿੱਚੋਂ ਇੱਕ ਸੀ। ਇਸ ਸਾਲ ਸੱਤਾ ਵਿੱਚ ਆਉਣ ਤੋਂ ਬਾਅਦ, ਸੁੱਖੂ ਸਰਕਾਰ ਨੇ ਓਪੀਐਸ ਨੂੰ ਬਹਾਲ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment