ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ‘ਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਤੇ ਜਮਹੂਰੀ ਹੱਕਾਂ ’ਤੇ ਹਮਲਾ ਦੱਸਿਆ ਹੈ।
ਰਾਣਾ ਸੋਢੀ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਸਿੱਧੇ ਤੌਰ ’ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ ’ਤੇ ਕੀਤੀ ਗਈ ਹੈ। ਰਾਣਾ ਸੋਢੀ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਦਿੱਲੀ ‘ਚ ਕਿਸਾਨੀ ਧਰਨਿਆਂ ਸਬੰਧੀ ਸੁਣਵਾਈ ਦੌਰਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਨੂੰ ਲੋਕਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਘਬਰਾਈ ਹੋਈ ਹਿਮਾਚਲ ਪ੍ਰਦੇਸ਼ ਸਰਕਾਰ ਗ਼ੈਰ-ਸੰਵਿਧਾਨਕ ਤਰੀਕੇ ਅਪਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੁਸ਼ ਕਰ ਰਹੀ ਹੈ।