ਚੰਡੀਗੜ੍ਹ: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਸਕੂਲਾਂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ 3 ਸਤੰਬਰ ਨੂੰ ਸਾਰੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (FAP) ਵੱਲੋਂ ਸਕੂਲ ਬੱਸ ਅਤੇ ਵੈਨ ਆਪਰੇਟਰਾਂ ਦੀ ਮਹਾ ਪੰਚਾਇਤ ਨੂੰ ਲੈਕੇ ਲਿਆ ਗਿਆ ਹੈ।
ਪ੍ਰਾਈਵੇਟ ਸਕੂਲ ਬੱਸ ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਨੇ ਦੱਸਿਆ ਕਿ ਇਹ ਮਹਾ ਪੰਚਾਇਤ ਬਠਿੰਡਾ ਦੀ ਅਨਾਜ ਮੰਡੀ ਵਿਚ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਦੇ ਡਰਾਈਵਰ, ਕੰਡਕਟਰ ਅਤੇ ਬੱਸ ਮਾਲਕ ਸ਼ਾਮਲ ਹੋਣਗੇ। ਬੱਸ ਆਪਰੇਟਰਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਹੈ, ਪਰ ਨਿਯਮ ਬਣਾਉਂਦੇ ਸਮੇਂ ਉਨ੍ਹਾਂ ਦੀ ਵਿਵਹਾਰਕਤਾ ਅਤੇ ਆਪਰੇਟਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਨਿਯਮਾਂ ਦੀ ਪਾਲਣਾ ਤੇ ਪਾਸਿੰਗ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੀ ਮੰਗ ਵੀ ਕੀਤੀ ਹੈ।ਫੈਡਰੇਸ਼ਨ ਦੇ ਪ੍ਰਧਾਨ ਡਾ. ਧੂਰੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜਿਥੇ ਸਕੂਲ ਬੱਸਾਂ ਨਹੀਂ ਚੱਲਣਗੀਆਂ, ਉੱਥੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਸਕੂਲ ਬੰਦ ਰੱਖੇ ਜਾਣਗੇ। ਇਸ ਮਹਾ ਪੰਚਾਇਤ ਦੌਰਾਨ ਆਪਰੇਟਰਾਂ ਦੀ ਵੱਡੀ ਗਿਣਤੀ ਵਿਚ ਭਾਗੀਦਾਰੀ ਦਾ ਦਾਅਵਾ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

