ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਈਵ ਹੋ ਕੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਬੋਲਦਿਆਂ ਕਿਹਾ ਹੈ ਕਿ ਜਿਥੇ ਇਕ ਪਾਸੇ ਪੰਜਾਬ ਕੋਰੋਨਾਵਾਇਰਸ ਨਾਲ ਲੜ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕੁਝ ਅਜਿਹੇ ਲੋਕ ਇਥੇ ਗੈਰ ਕਾਨੂੰਨੀ ਕੰਮ ਕਰਕੇ ਪੈਸਾ ਕਮਾਉਣ ਦੀ ਰੇਸ ‘ਚ ਲੱਗੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਅਸੀ ਜੋ ਮਰਜ਼ੀ ਕਰੀ ਜਾਈਏ ਕਿਸੇ ਵੀ ਤਰ੍ਹਾਂ ਪੈਸੇ ਕਮਾਈਏ ਸਾਡਾ ਕੰਮ ਇਸੇ ਤਰ੍ਹਾਂ ਹੀ ਚਲਦਾ ਰਹੇਗਾ। ਅਜਿਹੇ ਲੋਕਾਂ ਨੇ ਪੰਜਾਬ ‘ਚ ਖਰਾਬ ਸ਼ਰਾਬ ਵੇਚੀ ਜਿਸ ਨਾਲ 111 ਲੋਕਾਂ ਦੀ ਮੌਤ ਹੋ ਚੁੱਕੀ ਹੈ, ਕੈਪਟਨ ਨੇ ਕਿਹਾ ਇਹ ਸਿੱਧੇ ਤੌਰ ‘ਤੇ ਕਤਲ ਹੈ ਅਤੇ ਇਸ ਲਈ ਕਾਤਲ ਬਚ ਨਹੀਂ ਸਕਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਜੇਕਰ ਕਿਸੇ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨਕਲੀ ਸ਼ਰਾਬ ਦੇ ਰੂਪ ਵਿੱਚ ਜ਼ਹਿਰ ਨਾਲ ਮਾਰਨ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਚ ਨਿਕਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਸਾਰੀ ਫੋਰਸ ਨੂੰ ਮਾਫੀਆ ਉਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੁਝ ਗੈਰ ਸਮਾਜੀ ਤੱਤਾਂ ਨੇ ਆਪਣੇ ਲਾਲਚ ਖਾਤਰ ਪੰਜਾਬੀਆਂ ਦਾ ਜਾਨਾਂ ਨਾਲ ਖੇਡਣ ਦਾ ਉਸ ਵੇਲੇ ਲਾਹਾ ਤੱਕਿਆ ਜਦੋਂ ਪੁਲਿਸ ਫੋਰਸ ਦਾ ਧਿਆਨ ਕੋਵਿਡ ਮਹਾਂਮਾਰੀ ਵਾਲੇ ਪਾਸੇ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਕੋਵਿਡ ਨਾਲ ਨਜਿੱਠਣ ਵਿੱਚ ਲੱਗੀ ਹੋਈ ਹੈ ਜਿਸ ਨੇ ਸੂਬੇ ਵਿੱਚ ਹੁਣ ਤੱਕ 449 ਜਾਨਾਂ ਲੈ ਲਈਆਂ ਅਤੇ ਅਜਿਹੇ ਸਮੇਂ ਵਿੱਚ ਸ਼ਰਾਬ ਮਾਫੀਏ ਨੂੰ ਸਾਡੇ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦਾ ਮੌਕਾ ਮਿਲ ਗਿਆ।
ਆਪਣੇ ਸੌੜੇ ਸਿਆਸੀ ਹਿੱਤਾਂ ਲਈ ਦੁਖਾਂਤ ਦਾ ਸੋਸ਼ਣ ਕਰਨ ਲਈ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਗੋਂ ਸੂਬਾ ਸਰਕਾਰ ਵੱਲੋਂ ਮਾਫੀਆ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਨ ਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੁੱਛਿਆ ਕਿ ਨਕਲੀ ਸ਼ਰਾਬ ਖਿਲਾਫ ਧਰਨੇ ਦੇਣ ਨਾਲ ਕੀ ਮਾਫੀਆ ਖਿਲਾਫ ਲੜਾਈ ਅਤੇ ਪੀੜਤ ਪਰਿਵਾਰਾਂ ਦੀ ਮੱਦਦ ਹੋ ਸਕੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਗਪਗ ਹਰੇਕ ਸਾਲ ਭਾਰਤ ਵਿੱਚ ਨਕਲੀ ਸ਼ਰਾਬ ਦੇ ਦੁਖਾਂਤ ਦੇਖੇ ਜਾਂਦੇ ਹਨ ਜਿਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ ਕਿ ਉਸ ਸੂਬੇ ਵਿੱਚ ਸੱਤਾ ਕਿਸ ਦੀ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਨਿਰਦੋਸ਼ ਪੰਜਾਬੀਆਂ ਦੀ ਜ਼ਿੰਦਗੀ ‘ਤੇ ਸਿਆਸਤ ਖੇਡਣੀ ਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ,”ਸਾਡੇ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਸੱਤਾ ਵਿੱਚ ਕਿਸ ਪਾਰਟੀ ਦੀ ਸਰਕਾਰ ਹੈ, ਉਹ ਤਾਂ ਆਪਣੇ ਅਜ਼ੀਜ਼ ਜਿਨ੍ਹਾਂ ਨੂੰ ਸ਼ਰਾਬ ਮਾਫੀਏ ਦੀ ਲਾਲਸਾ ਦਾ ਖਮਿਆਜ਼ਾ ਭੁਗਤਣਾ ਪਿਆ, ਲਈ ਇਨਸਾਫ ਚਾਹੁੰਦੇ ਹਨ।” ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਵੀ ਅਜਿਹੇ ਦੁਖਾਂਤ ਵਾਪਰਦੇ ਰਹੇ ਹਨ।
ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਉਪਰ ਉਠ ਕੇ ਲੋਕਾਂ ਲਈ ਇਨਸਾਫ ਵਾਸਤੇ ਲੜਨ ਦੀ ਅਪੀਲ ਕੀਤੀ।
Deaths caused by illicit alcohol are extremely sad & unfortunate. Punjab Police & Excise Depts have been tasked to nab all those responsible, irrespective of their affiliations & position. Assure you as CM that no one will be spared and guilty will be punished to ensure justice. pic.twitter.com/KT7yey3WFL
— Capt.Amarinder Singh (@capt_amarinder) August 4, 2020