Punjab News : ਪੰਜਾਬ ਤੋਂ ਇਸ ਵੇਲੇ ਦੀ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਯਾਤਰਾ ਉਸ ਸਮੇਂ ਦਰਦਨਾਕ ਹਾਦਸੇ ਵਿੱਚ ਬਦਲ ਗਈ, ਜਦੋਂ ਮੁੱਖ ਮੰਤਰੀ ਯਾਤਰਾ ਨਾਲ ਸਬੰਧਤ ਦੋ ਬੱਸਾਂ ਆਪਸ ਵਿੱਚ ਟਕਰਾ ਗਈਆਂ।ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ ਚਾਰ ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਡੇਢ ਦਰਜਨ ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਲਈ ਰਾਹਤ ਕਾਰਜ ਸ਼ੁਰੂ ਕੀਤੇ ਗਏ।
ਇਹ ਵੀ ਪੜ੍ਹੌ :ਪੰਜਾਬ ‘ਚ ਸਰਕਾਰੀ ਅਫ਼ਸਰਾਂ ‘ਤੇ ਵੱਡੀ ਕਾਰਵਾਈ! 10 ਅਧਿਕਾਰੀਆਂ ਦੀ ਤਨਖ਼ਾਹ ‘ਚੋਂ ਕੱਟੇ ਜਾਣਗੇ 10-10 ਹਜ਼ਾਰ!
ਜਾਣਕਾਰੀ ਮੁਤਾਬਕ ਇਹ ਹਾਦਸਾ ਜੰਮੂ-ਕਸ਼ਮੀਰ-ਰਾਜਸਥਾਨ ਰਾਸ਼ਟਰੀ ਰਾਜਮਾਰਗ ‘ਤੇ ਨੌਸ਼ਹਿਰਾ ਪੰਨੂਆਂ ਕਸਬੇ ਦੇ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬੱਸਾਂ ਫਿਰੋਜ਼ਪੁਰ ਤੋਂ ਯਾਤਰੀਆਂ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਜਾ ਰਹੀਆਂ ਸਨ। ਇਸੇ ਦੌਰਾਨ ਅੱਗੇ ਚੱਲ ਰਹੀ ਬੱਸ ਦੇ ਸਾਹਮਣੇ ਇੱਕ ਬਾਈਕ ਸਵਾਰ ਆ ਗਿਆ, ਜੋ ਡਿਵਾਈਡਰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਬਾਈਕ ਸਵਾਰ ਨੂੰ ਬਚਾਉਣ ਲਈ ਬੱਸ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਦੂਜੀ ਬੱਸ ਆਪਣਾ ਸੰਤੁਲਨ ਨਹੀਂ ਬਣਾ ਸਕੀ ਅਤੇ ਅੱਗੇ ਵਾਲੀ ਬੱਸ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਜ਼ੋਰਦਾਰ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।
ਇਹ ਵੀ ਪੜ੍ਹੌ : ਮਾਈਕ੍ਰੋਸਾਫਟ ਦਾ MEGA OUTAGE ਖ਼ਤਮ! 24 ਘੰਟੇ ਬੰਦ ਰਹੀਆਂ ਵੱਡੀਆਂ ਸੇਵਾਵਾਂ!
ਉੱਧਰ ਸਿਵਲ ਸਰਜਨ ਡਾਕਟਰ ਸੰਦੀਪ ਧਵਨ ਵੱਲੋਂ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਸਾਰੀਆਂ ਐਂਬੂਲੈਂਸਾਂ ਨੂੰ ਤੁਰੰਤ ਹਾਦਸੇ ਵਾਲੀ ਥਾਂ ‘ਤੇ ਭੇਜਿਆ ਗਿਆ ਅਤੇ ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਦੀਆਂ ਟੀਮਾਂ ਨੂੰ ਵੀ ਬੁਲਾ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਚਾਰ ਯਾਤਰੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਦੱਸੀ ਜਾ ਰਹੀ ਹੈ।
ਜਦਕਿ ਜ਼ਖਮੀਆਂ ਵਿੱਚੋਂ 10 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਹਾਦਸੇ ਤੋਂ ਬਾਅਦ ਇੱਕ ਹੋਰ ਗੰਭੀਰ ਸਮੱਸਿਆ ਵੀ ਸਾਹਮਣੇ ਆਈ। ਜਦੋਂ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਤਿੰਨ ਐਂਬੂਲੈਂਸਾਂ ਟ੍ਰੈਫਿਕ ਜਾਮ ਵਿੱਚ ਫਸ ਗਈਆਂ। ਅਜਿਹੇ ਵਿੱਚ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਧਰ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਦੀ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਹੈ ਅਤੇ ਰਾਹਤ ਕਾਰਜ ਜਾਰੀ ਹਨ। ਫਿਲਹਾਲ ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਸ਼ਾਸਨ ਵੱਲੋਂ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਯਾਤਰੀਆਂ ਦੇ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦੇ ਹਾਂ।

