ਹੁਸ਼ਿਆਰਪੁਰ: ਸ਼ਨੀਵਾਰ ਨੂੰ ਇੱਕ ਕੈਦੀ ਦੀ ਪੁਲਿਸ ਨਾਲ ਝੜਪ ਦੌਰਾਨ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕੈਦੀ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ।
ਜਾਂਚ ਪੂਰੀ ਹੋਣ ਤੋਂ ਬਾਅਦ ਜਦੋਂ ਪੁਲਿਸ ਉਸਨੂੰ ਵਾਪਸ ਲੈ ਕੇ ਜਾ ਰਹੀ ਸੀ, ਉਦੋਂ ਕੈਦੀ ਨੇ ਅਚਾਨਕ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਪੁਲਿਸ ਮੁਲਾਜ਼ਮ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਪੁਲਿਸ ਮੁਲਾਜ਼ਮ ਦੇ ਚਿਹਰੇ, ਹੱਥਾਂ ਅਤੇ ਪੈਰਾਂ ’ਤੇ ਗੰਭੀਰ ਚੋਟਾਂ ਆਈਆਂ।
ਹਮਲੇ ਤੋਂ ਬਾਅਦ ਕੈਦੀ ਨੇ ਪੁਲਿਸ ਦਾ ਰਿਵਾਲਵਰ ਖੋਹਣ ਦੀ ਕੋਸ਼ਿਸ਼ ਵੀ ਕੀਤੀ। ਇਸ ਸਥਿਤੀ ਵਿੱਚ ਪੁਲਿਸ ਨੇ ਆਪਣੀ ਰੱਖਿਆ ਲਈ ਗੋਲੀ ਚਲਾਈ। ਗੋਲੀ ਲੱਗਣ ਨਾਲ ਕੈਦੀ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਕੈਦੀ ਦੀ ਪਛਾਣ ਨਸੀਬ ਸਿੰਘ ਵਜੋਂ ਹੋਈ ਹੈ, ਜੋ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਪੁਲਿਸ ਦੇ ਅਨੁਸਾਰ, ਉਸ ’ਤੇ ਕਤਲ, ਕਤਲ ਦੀ ਕੋਸ਼ਿਸ਼ ਅਤੇ NDPS ਦੇ ਤਹਿਤ ਕੁੱਲ 7 ਮਾਮਲੇ ਦਰਜ ਸਨ।
ਇਸ ਸਬੰਧੀ SSP ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਰੋਜ਼ਾਨਾ ਪ੍ਰਕਿਰਿਆ ਦੇ ਤਹਿਤ ਤਿੰਨ ਕੈਦੀਆਂ ਨੂੰ ਮੈਡੀਕਲ ਲਈ ਲਿਆਂਦਾ ਗਿਆ ਸੀ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਤਾਇਨਾਤ ਸਨ।
ਉਨ੍ਹਾਂ ਕਿਹਾ ਕਿ ਘਟਨਾ ਦੌਰਾਨ ਜ਼ਖਮੀ ਹੋਏ ਸਿਨੀਅਰ ਕਾਂਸਟੇਬਲ ਨੇ ਬਹੁਤ ਹਿੰਮਤ ਨਾਲ ਕੈਦੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੈਦੀ ਕੋਲ ਚਾਕੂ ਕਿੱਥੋਂ ਆਇਆ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

