ਚੰਡੀਗੜ੍ਹ: ਬੀਤੀ ਦਿਨੀਂ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਐਤਵਾਰ ਨੂੰ ਪੰਜਾਬ ‘ਚ ਭਾਰੀ ਮੀਂਹ ਪਿਆ। ਭਾਰੀ ਬਰਸਾਤ ਅਤੇ ਪਾਣੀ ਭਰਨ ਕਾਰਨ ਹੁਸ਼ਿਆਰਪੁਰ ਦੇ ਜੈਜੋ ਚੋਅ ਵਿੱਚ ਇੱਕ ਇਨੋਵਾ ਕਾਰ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਰੁੜ ਗਏ।
ਮਰਨ ਵਾਲੇ ਸਾਰੇ ਇੱਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਬਚਾ ਲਿਆ ਗਿਆ ਹੈ। ਮਰਨ ਵਾਲੇ ਸਾਰੇ ਲੋਕ ਹਿਮਾਚਲ ਦੇ ਊਨਾ ਜ਼ਿਲ੍ਹੇ ਦੇ ਵਸਨੀਕ ਸਨ, ਜੋ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵਾਂਸ਼ਹਿਰ ਆ ਰਹੇ ਸਨ। ਇਸ ਦੇ ਨਾਲ ਹੀ ਬਚਾਅ ਟੀਮ ਦੋ ਹੋਰ ਲਾਪਤਾ ਲੋਕਾਂ ਦੀ ਭਾਲ ਕਰ ਰਹੀ ਹੈ। ਬਚਾਏ ਗਏ ਵਿਅਕਤੀ ਦੀ ਪਛਾਣ ਦੀਪਕ ਭਾਟੀਆ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਗੜ੍ਹਸ਼ੰਕਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਾਰੇ ਲੋਕ ਊਨਾ ਦੇ ਮਹਿਤਪੁਰ ਦੇ ਰਹਿਣ ਵਾਲੇ ਸਨ। ਇਹ ਸਾਰੇ ਮੈਂਬਰ ਇੱਕ ਇਨੋਵਾ ਕਾਰ (ਐਚਪੀ-12-ਜੇ-2142) ਵਿੱਚ ਨਵਾਂਸ਼ਹਿਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਨ।
ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਮੋਹਾਲੀ ‘ਚ ਸੀਵਰੇਜ ਓਵਰਫਲੋ ਹੋਣ ਕਾਰਨ ਏਅਰਪੋਰਟ ਨੂੰ ਜਾਂਦੀ ਸੜਕ ‘ਤੇ ਲੋਕਾਂ ਦੇ ਘਰਾਂ ‘ਚ ਪਾਣੀ ਭਰ ਗਿਆ। ਇਸ ਕਾਰਨ ਗੁੱਸੇ ਵਿੱਚ ਆਏ ਲੋਕਾਂ ਨੇ ਏਅਰਪੋਰਟ ਰੋਡ ਜਾਮ ਕਰ ਦਿੱਤਾ।
ਜਲੰਧਰ-ਲੁਧਿਆਣਾ ਸ਼ਹਿਰ ਦੇ ਕਈ ਇਲਾਕਿਆਂ ‘ਚ ਤਿੰਨ ਤੋਂ ਚਾਰ ਫੁੱਟ ਪਾਣੀ ਭਰ ਗਿਆ। ਇਸ ਕਾਰਨ ਕਈ ਥਾਵਾਂ ‘ਤੇ ਲੋਕਾਂ ਦੇ ਘਰਾਂ ‘ਚ ਪਾਣੀ ਭਰ ਗਿਆ। ਪਟਿਆਲਾ ਵਿੱਚ 51 ਮਿਲੀਮੀਟਰ ਮੀਂਹ ਕਾਰਨ ਲੋਕਾਂ ਦੇ ਵਾਹਨ ਰੁਕ ਗਏ ਅਤੇ ਉਨ੍ਹਾਂ ਨੂੰ ਘਰਾਂ ਤੱਕ ਪਹੁੰਚਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।