ਹੁਸੈਨਪੁਰ ਦੀ ਪਾਰਟੀ ‘ਚ ਵਾਪਸੀ ਸਬੂਤ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਸਫਲ ਨਹੀਂ ਹੋਣਗੇ : ਬਾਦਲ

Global Team
3 Min Read

ਨਵਾਂਸ਼ਹਿਰ : ਅਕਾਲੀ ਦਲ ਸੰਯੁਕਤ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਾਚੌਰ ਤੋਂ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਅੱਜ ਆਪਣੇ ਪਰਿਵਾਰ ਤੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਤਿੰਨ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਗਏ ਹੁਸੈਨਪੁਰ ਇਸ ਵੇਲੇ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਸਨ ਜੋ ਆਪਣੇ ਪੁੱਤਰ ਬਰਜਿੰਦਰ ਸਿੰਘ ਹੁਸੈਨਪੁਰ ਜੋ ਨਰੋਆ ਪੰਜਾਬ ਜਥੇਬੰਦੀ ਦੇ ਸਰਪ੍ਰਸਤੀ ਹਨ, ਸਮੇਤ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।

ਇਸ ਮੌਕੇ ਜ਼ਿਲ੍ਹੇ ਦੇ ਪਿੰਡ ਹੁਸੈਨਪੁਰ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਵਾਪਸੀ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਤੇ ਇਹ ਸਿੱਖ ਕੌਮ ਤੇ ਸਿੱਖ ਸੰਸਥਾਵਾਂ ਖਿਲਾਫ ਵਿੱਢੇ ਹਮਲੇ ਨੂੰ ਰੋਕਣ ਨੂੰ ਪੰਥਕ ਏਕਤਾ ਦੇ ਯਤਨਾਂ ਦੀ ਕੜੀ ਹੈ। ਉਹਨਾਂ ਕਿਹਾ ਕਿ ਸਰਕਾਰਾਂ, ਏਜੰਸੀਆਂ ਤੇ ਕੁਝ ਪਾਰਟੀਆਂ ਰਲ ਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਮਹਿੰਦਰ ਸਿੰਘ ਹੁਸੈਨਪੁਰ ਦਾ ਅਕਾਲੀ ਦਲ ਵਿਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਇਹ ਸਾਜ਼ਿਸ਼ਾਂ ਸਫਲ ਨਹੀਂ ਹੋਣਗੀਆਂ।ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਥ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੀਆਂ ਖੇਤਰੀ ਇੱਛਾਵਾਂ ਦੀ ਰਾਖੀ ਵਾਸਤੇ ਡਟੇ ਹਾਂ। ਉਹਨਾਂ ਕਿਹਾ ਕਿ ਇਸੇ ਕਾਰਨ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜੋ ਪੰਜਾਬੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਪਾਰਟੀ ਜਿਸਨੇ ’ਇਕ ਮੌਕਾ’ ਮੰਗ ਕੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਤੇ ਸੂਬੇ ਵਿਚ ਸੱਤਾ ਹਾਸਲ ਕੀਤੀ, ਉਸਨੇ ਹੁਣ ਆਪਣਾ ਨਾਅਰਾ ਬਦਲ ਕੇ ’ਲੁੱਟ ਲੋ ਪੰਜਾਬ’ ਕਰ ਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਸਰੋਤ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣਾਂ ਲਈ ਬਰਬਾਦ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਦਾ 800 ਕਰੋੜ ਰੁਪਏ ਦਾ ਸ਼ਰਾਬ ਘੋਟਾਲਾ ਪਹਿਲਾਂ ਹੀ ਬੇਨਕਾਬ ਹੋ ਚੁੱਕਾ ਹੈ, ਆਪ ਦੇ ਮੰਤਰੀ ਤੇ ਵਿਧਾਇਕ ਵੀ ਵਿਆਪਕ ਗੈਰਕਾਨੂੰਨੀ  ਮਾਇਨਿੰਗ ਦੇ ਨਾਲ ਨਾਲ ਤਬਾਦਲਿਆਂ ਤੇ ਤਾਇਨਾਤੀਆਂ ਲਈ ਰਿਸ਼ਵਤਾਂ ਮੰਗ ਕੇ ਭ੍ਰਿਸ਼ਟਾਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਫਿਰੌਤੀਆਂ ਵਸੂਲਣ ਵਿਚ ਬੇਨਕਾਬ ਹੋ ਚੁੱਕੇ ਹਨ ਪਰ ਫਿਰ ਵੀ ਆਪ ਸਰਕਾਰ ਉਹਨਾਂ ਦਾ ਬਚਾਅ ਕਰ ਰਹੀਹੈ। ਇਸੇ ਤਰੀਕੇ ਗੈਰ ਕਾਨੂੰਨੀ ਰੇਤ ਮਾਇਨਿੰਗ, ਸ਼ਰਾਬ ਦੀ ਸਮਗਲਿੰਗ ਆਦਿ ਮਾਮਲਿਆਂ ਵਿਚ ਸ਼ਾਮਲ ਵਿਧਾਇਕਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ।

 

- Advertisement -

 

Share this Article
Leave a comment