Home / ਓਪੀਨੀਅਨ / ਮੱਕੀ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ

ਮੱਕੀ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ

-ਰਾਕੇਸ਼ ਕੁਮਾਰ ਸ਼ਰਮਾ

ਪੰਜਾਬ ਵਿੱਚ ਮੱਕੀ ਦੀ ਕਾਸ਼ਤ ਸਾਲ 2019 ਵਿੱਚ 109.2 ਹਜ਼ਾਰ ਹੈਕਟੇਅਰ ਰਕਬੇ ਵਿੱਚ ਕੀਤੀ ਗਈ ਅਤੇ ਇਸ ਦੀ ਕੁੱਲ ਉਪਜ 395.9 ਹਜ਼ਾਰ ਟਨ ਹੋਈ। ਮੱਕੀ ਦਾ ਪ੍ਰਤੀ ਹੈਕਟਰ ਔਸਤ ਝਾੜ 36.25 ਕੁਇੰਟਲ ਰਿਹਾ। ਮੱਕੀ ਉਤੇ ਵੱਖ-ਵੱਖ ਸਮੇਂ ਤੇ ਕਈ ਤਰ੍ਹਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਹਮਲਾ ਕਰਦੀਆਂ ਹਨ ਜਿਸ ਕਰਕੇ ਕਿਸਾਨਾ ਨੂੰ ਆਰਥਿਕ ਨੁਕਸਾਨ ਹੁੰਦਾ ਹੈ। ਇਨ੍ਹਾਂ ਦੀ ਸਰਵਪੱਖੀ ਰੋਕਥਾਮ ਕਰਕੇ ਅਸੀ ਮੱਕੀ ਦਾ ਝਾੜ ਅਤੇ ਮਿਆਰ ਵਧਾ ਸਕਦੇ ਹਾਂ। ਇਸ ਕਰਕੇ ਇਸ ਲੇਖ ਵਿਚ ਮੱਕੀ ਤੇ ਆਉਣ ਵਾਲੇ ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਅਤੇ ਉਹਨਾਂ ਦੀ ਰੋਕਥਾਮ ਬਾਰੇ ਦੱਸਿਆ ਗਿਆ ਹੈ।

ਕੀੜੇ

ਮੱਕੀ ਦਾ ਗੜੂੰਆਂ: ਇਹ ਕੀੜਾ ਜੂਨ ਤੋਂ ਸਤੰਬਰ ਤੱਕ ਮੱਕੀ ਦਾ ਨੁਕਸਾਨ ਕਰਦਾ ਹੈ। ਇਸ ਕੀੜੇ ਦੀਆਂ ਸੁੰਡੀਆਂ ਪਹਿਲਾਂ ਬੂਟੇ ਦੇ ਪੱਤਿਆਂ ਉਪਰ ਝਰੀਟਾਂ ਪਾ ਦਿੰਦੀਆਂ ਹਨ ਅਤੇ ਗੋਭ ਰਾਹੀਂ ਤਣੇ ਵਿੱਚ ਮੋਰੀਆਂ ਕਰ ਦਿੰਦੀਆਂ ਹਨ। ਗੋਭ ਦਾ ਵਿਚਕਾਰਲਾ ਪੱਤਾ ਛਾਣਨੀ ਛਾਣਨੀ ਹੋ ਜਾਂਦਾ ਹੈ। ਛੋਟੇ ਬੂਟਿਆਂ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ।

ਇਸ ਕੀੜੇ ਦੀ ਰੋਕਥਾਮ ਲਈ ਹੇਠ ਦੱਸੀਆਂ ਸਰਵਪੱਖੀ ਰੋਕਥਾਮ ਅਪਣਾਉ:

ਮੱਕੀ ਦੇ ਮੁੱਢਾਂ, ਟਾਂਡਿਆਂ ਤੇ ਗੁੱਲਾਂ ਵਿੱਚ ਲੁਕੇ ਹੋਏ ਗੜੂੰਏਂ ਨੂੰ ਖਤਮ ਕਰੋ। ਮੱਕੀ ਵੱਢਣ ਤੋਂ ਤੁਰੰਤ ਬਾਅਦ ਖੇਤਾਂ ਨੂੰ ਵਾਹ ਦਿਉ ਤੇ ਮੁੱਢਾਂ ਨੂੰ ਇਕੱਠੇ ਕਰਕੇ ਨਸ਼ਟ ਕਰ ਦਿਉ। ਟਾਂਡੇ, ਛੱਲੀਆਂ ਤੇ ਗੁੱਲਾਂ ਨੂੰ ਅਖੀਰ ਫ਼ਰਵਰੀ ਤੱਕ ਵਰਤ ਲਉ ਤੇ ਬਚੇ ਹੋਏ ਟਾਂਡਿਆਂ ਨੂੰ ਵਰਤਣ ਲਈ ਕੁਤਰ ਲਉ। ਬੀਜ ਲਈ ਉਹੀ ਛੱਲੀਆਂ ਰੱਖੋ ਜਿਨ੍ਹਾਂ ਤੇ ਗੜੂੰਏਂ ਦਾ ਹਮਲਾ ਨਾ ਹੋਇਆ ਹੋਵੇ। ਗੋਡੀ ਕਰਦੇ ਸਮੇਂ ਗੜੂੰਏਂ ਦੇ ਹਮਲੇ ਵਾਲੇ ਬੂਟੇ ਪੁੱਟ ਕੇ ਨਸ਼ਟ ਕਰ ਦਿਉ।

ਟਰਾਈਕੋਗਰਾਮਾ (ਮਿੱਤਰ ਕੀੜਾ) ਰਾਹੀਂ ਪ੍ਰਜੀਵੀ ਕਿਰਿਆ ਕੀਤੇ ਹੋਏ ਕੋਰਸਾਇਰਾ ਦੇ 40,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ਦੋ ਵਾਰੀ-ਪਹਿਲੀ ਵਾਰ 10 ਦਿਨਾਂ ਦੀ ਫ਼ਸਲ ਅਤੇ ਦੂਜੀ ਵਾਰ ਇੱਕ ਹਫ਼ਤੇ ਬਾਅਦ ਵਰਤੋ। ਇਹ ਆਂਡੇ ਗੂੰਦ ਨਾਲ ਟਰਾਈਕੋਕਾਰਡਾਂ ਉਪਰ ਚਿਪਕਾਏ ਹੋਏ ਹੁੰਦੇ ਹਨ। ਇਨ੍ਹਾਂ ਕਾਰਡਾਂ ਨੂੰ 40 ਬਰਾਬਰ ਹਿੱਸਿਆਂ ਵਿੱਚ ਇਸ ਤਰ੍ਹਾਂ ਕੱਟੋ ਕਿ ਹਰ ਹਿੱਸੇ ਉਪਰ 1000 ਆਂਡੇ ਹੋਣ। ਇਨ੍ਹਾਂ ਹਿੱਸਿਆਂ ਨੂੰ ਗੋਭ ਦੇ ਪੱਤਿਆਂ ਦੇ ਹੇਠਲੇ ਪਾਸੇ ਸ਼ਾਮ ਦੇ ਸਮੇਂ ਖੇਤ ਵਿੱਚ ਇਕਸਾਰ ਦੂਰੀ ਤੇ ਪਿੰਨ ਨਾਲ ਨੱਥੀ ਕਰੋ। ਇਹ ਕਾਰਡ ਮੀਂਹ ਵਾਲੇ ਦਿਨ ਨਹੀਂ ਵਰਤਣੇ ਚਾਹੀਦੇ।

ਬਿਜਾਈ ਤੋਂ 2-3 ਹਫ਼ਤੇ ਪਿੱਛੋਂ ਜਾਂ ਜਿਸ ਵੇਲੇ ਪੱਤਿਆਂ ਉਪਰ ਇਸ ਕੀੜੇ ਦਾ ਹਮਲਾ ਦਿੱਸੇ ਤੇ 30 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਨਟਰੈਨੀਲੀਪਰੋਲ) ਨੂੰ 60 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨਾਲ ਛਿੜਕੋ।

ਫ਼ਾਲ ਆਰਮੀਵਰਮ: ਇਸ ਕੀੜੇ ਦੀਆਂ ਛੋਟੀਆਂ ਸੁੰਢੀਆਂ ਪੱਤਿਆਂ ਨੂੰ ਖੁਰਚ ਕੇ ਖਾਂਦੀਆਂ ਹਨ। ਵੱਡੀਆਂ ਸੁੰਡੀਆਂ ਗੋਭ ਦੇ ਪੱਤੇ ਵਿੱਚ ਗੋਲ ਤੋਂ ਅੰਡਾਕਾਰ ਮੋਰੀਆਂ ਬਣਾਉਂਦੀਆਂ ਹਨ। ਸੁੰਡੀਆਂ ਗੋਭ ਨੂੰ ਲਗਭਗ ਪੂਰੀ ਤਰ੍ਹਾਂ ਖਾ ਕੇ ਭਾਰੀ ਮਾਤਰਾ ਵਿੱਚ ਵਿੱਠਾਂ ਕਰਦੀਆਂ ਹਨ। ਇਸ ਸੁੰਡੀ ਦੀ ਪਛਾਣ ਇਸ ਦੇ ਸਿਰ ਵਾਲੇ ਪਾਸੇ ਚਿੱਟੇ ਰੰਗ ਦੇ ਅੰਗਰੇਜ਼ੀ ਦੇ ਅੱਖਰ ਵਾਈ ਦੇ ਉਲਟੇ ਨਿਸ਼ਾਨ (?) ਅਤੇ ਪਿਛਲੇ ਸਿਰੇ ਦੇ ਲਾਗੇ ਚੌਰਸਕਾਰ ਚਾਰ ਬਿੰਦੂਆਂ ਤੋਂ ਹੁੰਦੀ ਹੈ। ਇਸ ਦੀ ਰੋਕਥਾਮ ਲਈ ਹੇਠ ਲਿਖੇ ਨੁਕਤੇ ਅਪਨਾਉ:

ਮੱਕੀ ਦੀ ਬਿਜਾਈ ਸ਼ਿਫ਼ਾਰਿਸ਼ ਸਮੇਂ ਅਨੁਸਾਰ ਕਰੋ। ਨਾਲ ਲਗਦੇ ਖੇਤਾਂ ਵਿੱਚ ਮੱਕੀ ਦੀ ਬਿਜਾਈ ਥੋੜੇ-ਥੋੜੇ ਵਕਫ਼ੇ ਤੇ ਨਾ ਕਰੋ ਤਾਂ ਜੋ ਕੀੜੇ ਦਾ ਫਲਾਅ ਘਟਾਇਆ ਜਾ ਸਕੇ। ਇਸ ਕੀੜੇ ਦੀ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ*) ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐਸ ਜੀ (ਐਮਾਮੈਕਟਿਨ ਬੈਂਜ਼ੋਏਟ) ਪ੍ਰਤੀ ਲਿਟਰ ਪਾਣੀ ‘ਚ ਘੋਲ ਕੇ ਛਿੜਕਾਅ ਕਰੋ। 20 ਦਿਨਾਂ ਤੱਕ ਦੀ ਫ਼ਸਲ ਲਈ 120 ਲਿਟਰ ਪਾਣੀ ਪ੍ਰਤੀ ਏਕੜ ਵਰਤੋਂ। ਇਸ ਤੋਂ ਬਾਅਦ, ਫ਼ਸਲ ਦੇ ਵਾਧੇ ਅਨੁਸਾਰ ਪਾਣੀ ਦੀ ਮਾਤਰਾ 200 ਲਿਟਰ ਪ੍ਰਤੀ ਏਕੜ ਤੱਕ ਵਧਾਉ ਪਰ ਧਿਆਨ ਰੱਖੋ ਕਿ ਪਾਣੀ ਦੇ ਨਾਲ-ਨਾਲ ਉਪਰ ਦੱਸੇ ਕੀਟਨਾਸ਼ਕਾਂ ਦੀ ਮਾਤਰਾ ਵੀ ਉਸੇ ਅਨੁਪਾਤ ਵਿੱਚ ਵਧਾਉ। ਕੀੜੇ ਦੀ ਕਾਰਗਾਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰੋ।

ਭੱਬੂ ਕੁੱਤਾ: ਜਦੋਂ ਇਹ ਕੀੜੇ ਗਿਣਤੀ ਵਿੱਚ ਬਹੁਤ ਵਧ ਜਾਣ ਤਾਂ ਇਹ ਬਹੁਤ ਨੁਕਸਾਨ ਕਰਦੇ ਹਨ। ਇਹ ਕੀੜੇ ਬੂਟਿਆਂ ਦੇ ਪੱਤੇ ਅਤੇ ਨਰਮ ਤਣੇ ਚੱਟਮ ਕਰ ਜਾਂਦੇ ਹਨ। ਇਸ ਕੀੜੇ ਦੀਆਂ ਛੋਟੀ ਉਮਰ ਦੀਆਂ ਸੁੰਡੀਆਂ ਝੁੰਡਾਂ ਵਿੱਚ ਫ਼ਸਲ ਖਾਂਦੀਆਂ ਹਨ। ਵੱਡੇ ਸੁੰਡ ਇੱਕ ਖੇਤ ਵਿੱਚੋਂ ਦੂਸਰੇ ਖੇਤ ਵਿੱਚ ਚਲੇ ਜਾਂਦੇ ਹਨ । ਇਸ ਕੀੜੇ ਦੀ ਰੋਕਥਾਮ ਲਈ ਹੇਠਾਂ ਦੱਸੇ ਢੰਗ ਵਰਤੋਂ

ਇਸ ਕੀੜੇ ਦੇ ਪਤੰਗਿਆਂ ਨੂੰ ਮਾਰਨ ਲਈ ਰੌਸ਼ਨੀ ਯੰਤਰ ਵਰਤੋ।

ਨਿੱਕੀਆਂ ਸੁੰਡੀਆਂ ਬਹੁਤ ਗਿਣਤੀ ਵਿੱਚ ਇਕੱਠੀਆਂ ਹੀ ਹੁੰਦੀਆਂ ਹਨ। ਇਨ੍ਹਾਂ ਨੂੰ ਮਾਰਨ ਲਈ ਹਮਲੇ ਵਾਲੇ ਪੱਤੇ ਜਾਂ ਬੂਟੇ ਤੋੜ ਕੇ ਸਾੜ ਜਾ ਦਬਾਅ ਦਿਉ। ਵੱਡੇ ਸੁੰਡ ਪੈਰਾਂ ਹੇਠਾਂ ਮਸਲ ਕੇ ਜਾਂ ਇਕੱਠੇ ਕਰਕੇ ਮਿੱਟੀ ਦੇ ਤੇਲ ਵਾਲੇ ਪਾਣੀ ਵਿੱਚ ਪਾ ਕੇ ਮਾਰੇ ਜਾ ਸਕਦੇ ਹਨ।

ਸੈਨਿਕ ਸੁੰਡੀ ਤੇ ਛੱਲੀਆਂ ਦਾ ਸੂਤ ਕੁਤਰੂ: ਸੈਨਿਕ ਸੁੰਡੀ ਗੋਭ ਵਾਲੇ ਪੱਤੇ ਖਾਂਦੀ ਹੈ ਅਤੇ ਛੱਲੀਆਂ ਦਾ ਸੂਤ ਕੁਤਰੂ ਛੱਲੀਆਂ ਦਾ ਸੂਤ ਖਾ ਜਾਂਦਾ ਹੈ । ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ 30 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਨਟਰੈਨੀਲੀਪਰੋਲ) ਨੂੰ 60 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ।

ਬਿਮਾਰੀਆਂ

ਬੀਜ ਸੜਨਾ ਤੇ ਪੌਦਾ ਝੁਲਸਣਾ : ਇਸ ਬਿਮਾਰੀ ਦੇ ਹਮਲੇ ਕਰਕੇ ਬੀਜ ਘੱਟ ਉਗਦਾ ਹੈ । ਬਿਮਾਰੀ ਨਾਲ ਪ੍ਰਭਾਵਿਤ ਬੂਟਿਆਂ ਦਾ ਵਾਧਾ ਰੁਕ ਜਾਂਦਾ ਹੈ ਅਤੇ ਛੋਟੇ ਪੌਦੇ ਮਰਨੇ ਸ਼ੁਰੂ ਹੋ ਜਾਂਦੇ ਹਨ।

ਇਸ ਬਿਮਾਰੀ ਤੋਂ ਬਚਾਅ ਲਈ ਰੋਗ ਰਹਿਤ ਬੀਜ ਦੀ ਵਰਤੋਂ ਕਰੋ । ਭੂਰੀ ਜਾਲੇਦਾਰ ਉਲੀ: ਬਿਮਾਰੀ ਦੇ ਹਮਲੇ ਨਾਲ ਪੱਤਿਆਂ ਦੀਆਂ ਨਾੜੀਆਂ ਦੇ ਵਿਚਕਾਰਲੇ ਹਿੱਸੇ ਵਿੱਚ ਨੇੜੇ-ਨੇੜੇ ਭੂਰੀਆਂ ਧਾਰੀਆਂ ਪੈ ਜਾਂਦੀਆਂ ਹਨ। ਧਿਆਨ ਨਾਲ ਵੇਖਣ ਤੇ ਧਾਰੀਆਂ ਦੇ ਥੱਲੇ ਪੱਤੇ ਦੇ ਦੂਜੇ ਪਾਸੇ ਚਿੱਟੀ ਉਲੀ ਵੀ ਨਜ਼ਰ ਆਉਂਦੀ ਹੈ ।ਇਸ ਬਿਮਾਰੀ ਦੀ ਉਲੀ ਤੱਕੜੀ ਘਾਹ ਤੇ ਪਲਦੀ ਰਹਿੰਦੀ ਹੈ ਇਸ ਲਈ ਮੱਕੀ ਦੇ ਖੇਤਾਂ ਵਿੱਚੋਂ ਤੱਕੜੀ ਘਾਹ ਨੂੰ ਖਤਮ ਕਰੋ। ਖੇਤ ਵਿੱਚ ਪਾਣੀ ਦਾ ਨਿਕਾਸ ਠੀਕ ਰੱਖੋ।

ਬਿਜਾਈ ਤੋਂ 15 ਦਿਨਾਂ ਬਾਅਦ ਜੇਕਰ ਬਿਮਾਰੀ ਦਾ ਹਮਲਾ ਨਜ਼ਰ ਆਵੇ ਤਾਂ 200 ਗ੍ਰਾਮ ਇੰਡੋਫਿਲ ਐਮ-45* (ਮੈਂਕੋਜ਼ੇਬ) ਦਾ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ । ਲੋੜ ਪੈਣ ਤੇ 10-10 ਦਿਨਾਂ ਦੀ ਵਿੱਥ ਤੇ ਦੋ ਛਿੜਕਾਅ ਹੋਰ ਕਰੋ। ਸਿਫ਼ਾਰਿਸ਼ ਕੀਤੀਆਂ ਕਿਸਮਾਂ ਬੀਜੋ।

ਟਾਂਡੇ ਗਲਣਾ : ਇਸ ਬਿਮਾਰੀ ਦੇ ਹਮਲੇ ਨਾਲ ਤਣੇ ਤੇ ਪਾਣੀ ਭਿੱਜੇ ਨਿਸ਼ਾਨ ਪੈ ਜਾਂਦੇ ਹਨ ਅਤੇ ਹੌਲੀ-ਹੌਲੀ ਤਣੇ ਦਾ ਹੇਠਲਾ ਹਿੱਸਾ ਵੀ ਗਲਣਾ ਸ਼ੁਰੂ ਹੋ ਜਾਂਦਾ ਹੈ। ਤਣੇ ਦਾ ਗਲਣਾ ਬਹੁਤ ਤੇਜ਼ੀ ਨਾਲ ਵਧਦਾ ਹੋਇਆ ਕਾਫ਼ੀ ਹਿੱਸੇ ਤੱਕ ਫੈਲ ਜਾਂਦਾ ਹੈ । ਤਣੇ ਦੇ ਬਾਹਰੀ ਭਾਗ ਦਾ ਕੁਦਰਤੀ ਹਰਾ ਪਨ ਖਤਮ ਹੋ ਜਾਂਦਾ ਹੈ ਤੇ ਉਹ ਪਾਣੀ ਵਿੱਚ ਉਬਾਲਿਆ ਲੱਗਦਾ ਹੈ। ਗਲਿਆ ਹੋਇਆ ਤਣਾ ਬਦਬੂ ਮਾਰਦਾ ਹੈ ਤੇ ਮੁੱਢ ਤੋਂ ਦੂਜੀ ਜਾਂ ਤੀਜੀ ਗੰਢ ਦੇ ਵਿਚਕਾਰੋਂ ਟੁੱਟ ਵੀ ਸਕਦਾ ਹੈ। ਹਮਲੇ ਦੀ ਮਾਰ ਹੇਠ ਆਏ ਪੌਦੇ ਮੁਰਝਾਅ ਜਾਂਦੇ ਹਨ। ਇਸ ਦੀ ਬਿਮਾਰੀ ਤੋਂ ਬਚਾਅ ਲਈ ਖੇਤ ਵਿੱਚ ਪਾਣੀ ਦਾ ਨਿਕਾਸ ਠੀਕ ਰੱਖੋ ਅਤੇ ਸੁਧਰੀਆਂ ਕਿਸਮਾਂ ਬੀਜੋ।

ਪੱਤਾ ਝੁਲਸ ਰੋਗ : ਇਸ ਬਿਮਾਰੀ ਨਾਲ ਪੱਤਿਆਂ ਉਤੇ ਤੱਕਲਿਆਂ ਵਰਗੇ ਧੱਬੇ ਪੈ ਜਾਂਦੇ ਹਨ ਤੇ ਧੱਬਿਆਂ ਦੁਆਲੇ ਪੀਲੇ ਤੇ ਭੂਰੇ ਰੰਗ ਦੇ ਘੇਰੇ ਬਣ ਜਾਂਦੇ ਹਨ। ਇਹ ਘੇਰੇ ਵੱਡੇ ਹੋ ਕੇ ਇੱਕ ਦੂਜੇ ਨਾਲ ਮਿਲ ਕੇ ਬੇਢੱਬੀ ਜਿਹੀ ਸ਼ਕਲ ਬਣਾ ਲੈਂਦੇ ਹਨ। ਇਹ ਨਿਸ਼ਾਨੀਆਂ ਪੱਤੇ ਅਤੇ ਛੱਲੀਆਂ ਦੇ ਪਰਦਿਆਂ ਤੇ ਵੀ ਪੈ ਜਾਂਦੀਆਂ ਹਨ। ਪਿਛੇਤੀ ਬਿਜਾਈ, ਵਾਤਾਵਰਨ ਵਿੱਚ ਜ਼ਿਆਦਾ ਨਮੀ (80%) ਅਤੇ 2520 ਸੈਂਟੀਗ੍ਰੇਡ ਤਾਪਮਾਨ ਬਿਮਾਰੀ ਦੇ ਵਾਧੇ ਲਈ ਅਨੁਕੂਲ ਹਨ। ਇਸ ਬਿਮਾਰੀ ਦੀ ਰੋਕਥਾਮ ਲਈ: ਬਿਮਾਰੀ ਵਾਲੀ ਫ਼ਸਲ ਦੇ ਮੁੱਢਾਂ ਦਾ ਨਾਸ਼ ਕਰ ਦਿਉ। ਸੁਧਰੀਆਂ ਕਿਸਮਾਂ ਬੀਜੋ। ਭੂਰੀ ਜਾ ਲੇਦਾਰ ਉਲੀ ਦੇ ਛਿੜਕਾਅ ਵਾਲਾ ਢੰਗ ਅਪਣਾਉ

ਪਛੇਤਾ ਮੁਰਝਾਉਣਾ : ਫੁੱਲ ਆਉਣ ਤੋਂ ਬਾਅਦ ਬੂਟੇ ਮੁਰਝਾਅ ਜਾਂਦੇ ਹਨ । ਟਾਂਡੇ ਦੀਆਂ ਹੇਠਲੀਆਂ ਪੋਰੀਆਂ ਦਾ ਰੰਗ ਬਦਲ ਜਾਂਦਾ ਹੈ । ਟਾਂਡੇ ਨੂੰ ਪਾੜਨ ਤੇ ਵਿਚਲੇ ਹਿੱਸੇ ਦਾ ਰੰਗ ਹੇਠੋਂ ਉਪਰ ਨੂੰ ਖਰਾਬ ਹੁੰਦਾ ਲੱਗਦਾ ਹੈ ।ਇਸ ਬਿਮਾਰੀ ਦੀ ਰੋਕਥਾਮ ਲਈ ਸੁਧਰੀਆਂ ਕਿਸਮਾਂ ਬੀਜੋ ।

ਬੰਦ ਤਣੇ ਅਤੇ ਟਾਂਡੇ ਦੁਆਲੇ ਪੱਤੇ ਦਾ ਝੁਲਸ ਰੋਗ: ਇਸ ਬਿਮਾਰੀ ਨਾਲ ਪੱਤੇ, ਤਣੇ ਦੁਆਲੇ ਪੱਤੇ, ਟਾਂਡੇ ਅਤੇ ਛੱਲੀਆਂ ਦੁਆਲੇ ਪੱਤਿਆਂ ਉਤੇ ਫਿੱਕੇ ਅਤੇ ਗੂੜੇ ਸਲੇਟੀ ਰੰਗ ਦੇ ਧੱਬੇ ਪੈ ਜਾਂਦੇ ਹਨ।ਬਾਅਦ ਵਿੱਚ ਇਹ ਧੱਬੇ ਇੱਕ ਦੂਜੇ ਨਾਲ ਮਿਲ ਕੇ ਕੌਡੀਆਂ ਵਰਗੇ ਨਜ਼ਰ ਆਂਉਦੇ ਹਨ।ਅਖੀਰ ਵਿੱਚ ਕਾਲੇ ਰੰਗ ਦੇ ਬੀਜਾਣੂੰ (ਸਕਲਰੋਸ਼ੀਆ) ਵੀ ਛੱਲੀਆਂ ਅਤੇ ਦਾਣਿਆਂ ਤੇ ਦਿਖਾਈ ਦਿੰਦੇ ਹਨ।ਗੰਭੀਰ ਹਾਲਤਾਂ ਵਿੱਚ ਹਮਲੇ ਹੇਠ ਆਈਆਂ ਛੱਲੀਆਂ ਦੇ ਦਾਣੇ ਸੁੱਕ ਜਾਂਦੇ ਹਨ। ਇਸ ਰੋਗ ਦੀ ਰੋਕਥਾਮ ਲਈ:

ਸੁਧਰੀਆਂ ਕਿਸਮਾਂ ਬੀਜੋ। ਜਿਉਂ ਹੀ ਬਿਮਾਰੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਐਮੀਸਟਾਰ ਟੌਪ 325 ਐਸ ਸੀ (ਅਜ਼ੋਕਸੀਸਟਰੋਬਿਨ +ਡਾਈਫਿਨੋਕੋਨਾਜ਼ੋਲ) ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਲੋੜ ਪੈਣ ‘ਤੇ ਦੂਜਾ ਛਿੜਕਾਅ 15 ਦਿਨ ਦੇ ਵਕਫ਼ੇ ‘ਤੇ ਕਰੋ।

ਸੰਪਰਕ : 98728-82111

Check Also

ਕੀ ਕਹਿੰਦਾ ਹੈ ਮੱਤੇਵਾੜਾ ਦੇ ਜੰਗਲ ਦਾ ਇਹ ਮੋਰ – ਸਰਕਾਰ ਦੀ ਧੱਕੇਸ਼ਾਹੀ

-ਅਵਤਾਰ ਸਿੰਘ ਲੁਧਿਆਣਾ ਨੇੜਲੇ ਪਿੰਡ ਮੱਤੇਵਾੜਾ ਕੋਲ ਤਜ਼ਵੀਜ਼ਤ ਸਨਅਤੀ ਪਾਰਕ ਦਾ ਮਾਮਲਾ ਭਖਦਾ ਜਾ ਰਿਹਾ …

Leave a Reply

Your email address will not be published. Required fields are marked *