‘ਜੇ ਕਾਂਗਰਸ ਸੱਚ ਚ ਇਨਸਾਫ਼ ਦੇਣਾ ਚਾਹੁੰਦੀ ਹੈ ਤਾਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ?’

TeamGlobalPunjab
4 Min Read

ਚੰਡੀਗੜ੍ਹ: ਪਿਛਲੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਪਵਿੱਤਰ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਉਸ ਤੋਂ ਬਾਅਦ ਰਾਜ ਵਿੱਚ ਪੈਦਾ ਹੋਏ ਹਿੰਸਕ ਮਾਹੌਲ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਰਾਜਨੀਤਿਕ ਸਾਜ਼ਿਸ਼ ਕਰਾਰ ਦਿੱਤਾ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਭਾਈਚਾਰਾ ਖ਼ਰਾਬ ਕਰਨ ਲਈ ਰਵਾਇਤੀ ਰਾਜਨੀਤਿਕ ਪਾਰਟੀਆਂ 2015 ਤੋਂ ਹੀ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ।

ਦਰਬਾਰ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ’ਤੇ ਕਾਰਵਾਈ ਕਰਨ ਦੇ ਕਾਂਗਰਸ ਸਰਕਾਰ ਦੇ ਦਾਅਵੇ ’ਤੇ ਸਵਾਲ ਚੁੱਕਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਚੰਨੀ ਸਰਕਾਰ ਨੇ ਸਾਰੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਦੋ ਦਿਨਾਂ ਵਿੱਚ ਫੜਨ ਦਾ ਦਾਅਵਾ ਕੀਤਾ ਸੀ। ਅੱਜ ਚਾਰ ਦਿਨ ਤੋਂ ਜ਼ਿਆਦਾ ਹੋ ਗਏ ਹਨ। ਪਰ ਸਾਜਿਸ਼ਕਾਰਾਂ ਨੂੰ ਫੜਨਾ ਤਾਂ ਦੂਰ ਦੀ ਗੱਲ, ਕਾਂਗਰਸ ਸਰਕਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੀ ਪਛਾਣ ਵੀ ਨਹੀਂ ਕਰ ਸਕੀ। ’’ ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਚੋਣਵੀਂ ਫ਼ਾਇਦੇ ਦੇ ਮਕਸਦ ਨਾਲ ਮਾਮਲੇ ਨੂੰ ਪੇਚੀਦਾ ਬਣਾਉਣ ਲਈ ਜਾਂਚ- ਪੜਤਾਲ ਵਿੱਚ ਦੇਰੀ ਕਰ ਰਹੀ ਹੈ।

ਸੱਤਾਧਾਰੀ ਕਾਂਗਰਸ ਸਰਕਾਰ ਦੀ ਨੀਅਤ ’ਤੇ ਸਵਾਲ ਕਰਦਿਆਂ ਚੀਮਾ ਨੇ ਕਿਹਾ, ‘‘2015 ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦਾ ਵਾਅਦਾ ਕਰਕੇ ਕਾਂਗਰਸ 2017 ’ਚ ਸੱਤਾ ’ਤੇ ਕਾਬਜ਼ ਹੋਈ ਸੀ। ਪਰ ਅੱਜ ਤੱਕ ਕਾਂਗਰਸ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ।’’ ਚੀਮਾ ਨੇ ਸਵਾਲ ਕੀਤਾ ਕਿ ਜੇ ਸੱਚਮੁੱਚ ਕਾਂਗਰਸ ਦੀ ਨੀਅਤ ਇਨਸਾਫ਼ ਦਿਵਾਉਣ ਦੀ ਹੁੰਦੀ ਤਾਂ ਇਨ੍ਹਾਂ ਕੇਸਾਂ ਨਾਲ ਸੰਬੰਧਿਤ 2018 ਦੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਤੇ ਕਾਂਗਰਸ ਸਰਕਾਰ ਨੇ ਅੱਜ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ? ਕਾਂਗਰਸ ਸਰਕਾਰ ਵੱਲੋਂ ਬਾਰ- ਬਾਰ ਨਵੀਂ ਜਾਂਚ ਕਮੇਟੀ ਬਣਾਉਣ ਤੋਂ ਬਾਅਦ ਵੀ ਹੁਣ ਤੱਕ ਨਾ ਦੋਸ਼ੀਆਂ ਨੂੰ ਸਜ਼ਾ ਮਿਲੀ ਅਤੇ ਨਾ ਹੀ ਸੰਗਤ ਨੂੰ ਇਨਸਾਫ਼ ਮਿਲਿਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਬਾਰ ਚੋਣਾ ਦੇ ਸਮੇਂ ਰਾਜਨੀਤਿਕ ਸਾਜ਼ਿਸ਼ ਦੇ ਤਹਿਤ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਸ ਦੇ ਪਿੱਛੇ ਖ਼ੁਦ ਸਰਕਾਰ ਅਤੇ ਸਰਕਾਰੀ ਏਜੰਸੀਆਂ ਦੇ ਹੱਥ ਹੁੰਦੇ ਹਨ। ਸਾਲ 2015 ਤੋਂ ਹੁਣ ਤੱਕ ਪੰਜਾਬ ’ਚ ਨਾ ਸਿਰਫ਼ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਬਲਕਿ ਹਿੰਦੂ ਧਰਮ ਦੇ ਪਵਿੱਤਰ ਸ੍ਰੀਮਦਭਗਵਤ ਗੀਤਾ ਅਤੇ ਇਸਲਾਮ ਦੇ ਪਵਿੱਤਰ ਕੁਰਾਨ ਦੀ ਵੀ ਬੇਅਦਬੀ ਹੋਈ। ਪਰ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਨੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਸਿੱਧ ਹੁੰਦਾ ਹੈ ਕਿ ਸੱਤਾਧਾਰੀ ਪਾਰਟੀਆਂ ਆਪਣੇ ਰਾਜਨੀਤਿਕ ਫ਼ਾਇਦੇ ਲਈ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਜਾਣਬੁੱਝ ਨਹੀਂ ਫੜਦੀਆਂ।

- Advertisement -

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2015 ਵਿੱਚ ਜਦ ਅਕਾਲੀ- ਭਾਜਪਾ ਸਰਕਾਰ ਦੇ ਸਮੇਂ ਬੇਅਦਬੀ ਦੀ ਘਟਨਾ ਹੋਈ ਸੀ, ਉਸ ਤੋਂ ਬਾਅਦ ਡੇਢ ਸਾਲ ਤੱਕ ਅਕਾਲੀ- ਭਾਜਪਾ ਗਠਬੰਧਨ ਦੀ ਸਰਕਾਰ ਰਹੀ। ਪਰ ਡੇਢ ਸਾਲ ਤੱਕ ਜਾਣਬੁੱਝ ਕੇ ਬਾਦਲ ਸਰਕਾਰ ਨੇ ਦੋਸ਼ੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਰਿਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੀ ਅਮਨ- ਸ਼ਾਂਤੀ ਅਤੇ ਆਪਸੀ ਭਾਈਚਾਰਾ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਪੰਜਾਬ ਵਿਰੋਧੀ ਤਾਕਤਾਂ ਰਾਜ ’ਚ ਡਰ ਦਾ ਮਾਹੌਲ ਪੈਦਾ ਕਰਨੀਆਂ ਚਾਹੁੰਦੀਆਂ ਹਨ ਤਾਂਕਿ ਲੋਕ ਸਿੱਖਿਆ, ਇਲਾਜ ਅਤੇ ਰੋਜ਼ਗਾਰ ਜਿਹੇ ਅਸਲੀ ਮੁੱਦਿਆਂ ਨੂੰ ਛੱਡ ਕੇ ਜਾਤੀ ਅਤੇ ਧਾਰਮਿਕ ਮੁੱਦਿਆਂ ਵਿੱਚ ਉਲਝੇ ਰਹਿਣ।

Share this Article
Leave a comment