ਮੇਰੇ ਤੇ ਮੇਰੇ ਪਰਿਵਾਰ ਨੂੰ ਜੇਕਰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਕੈਪਟਨ ਤੇ ਡੀ.ਜੀ.ਪੀ. ਜ਼ਿੰਮੇਵਾਰ : ਪ੍ਰਤਾਪ ਸਿੰਘ ਬਾਜਵਾ

TeamGlobalPunjab
2 Min Read

ਚੰਡੀਗੜ੍ਹ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਸੁਰੱਖਿਆ ਵਾਪਸ ਲਏ ਜਾਣ ਤੋ ਬਾਅਦ ਅੱਜ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਦੇ ਪੁਲਿਸ ਰਿਪੋਰਟ ਵਿੱਚ ਦਿੱਤੇ ਗਏ ਕਾਰਨ ਕੋਈ ਬਹੁਤ ਵਾਜਿਬ ਨਹੀਂ ਹਨ।

ਬਾਜਵਾ ਨੇ ਪੰਜਾਬ ਪੁਲਿਸ ਮੁਖੀ ਨੂੰ ਲਿਖਿਆ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਦੀ ਕਾਰਵਾਈ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਇਸ ਸਬੰਧ ‘ਚ ਪੁਲਿਸ ਮੁੱਖੀ ਨੂੰ ਲਿਖਿਆ ਕਿ ਇਸ ਦੌਰਾਨ ਜੇਕਰ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਸਭ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੁਲਿਸ ਮੁੱਖੀ ਦਿਨਕਰ ਗੁਪਤਾ ਜ਼ਿੰਮੇਵਾਰ ਹੋਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਦੇ ਮੱਦੇਨਜ਼ਰ ਉਨ੍ਹਾਂ ਦੇ ਪਰਿਵਾਰ ਦੇ ਉਨ੍ਹਾਂ ਨੂੰ ਸੁਰੱਖਿਆ ਖਤਰਾ ਹੈ, ਇਸ ਗੱਲ ਦੀ ਤਸਦੀਕ ਵੱਖ ਵੱਖ ਸੁਰੱਖਿਆ ਏਜੰਸੀਆਂ ਨੇ ਕਈ ਵਾਰੀ ਕੀਤੀ ਹੈ ।

ਇਸ ਦੇ ਨਾਲ ਹੀ ਬਾਜਵਾ ਨੇ ਲਿਖਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀ ਕੇਂਦਰ ਅਤੇ ਸੁਬਾ ਪੰਜਾਬ ਦੋਹਾਂ ਤੋਂ ਸੁਰਖਿਆ ਦਸਤੇ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਗੱਲ ਨੂੰ ਅਧਾਰ ਬਣਾ ਕੇ ਉਨ੍ਹਾਂ ਦੀ ਸੁਰਖਿਆ ਵਾਪਸ ਲਈ ਗਈ ਹੈ, ਉਸੇ ਅਧਾਰ ‘ਤੇ ਅਕਾਲੀ ਆਗੂਆਂ ਦੀ ਸੁਰੱਖਿਆ ਵਾਪਸ ਕਿਉਂ ਨਹੀਂ ਲਈ ਗਈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਪਾਲ ਨੂੰ ਵੀ ਉਕਤ ਪੱਤਰ ਭੇਜ ਕੇ ਇਹ ਅਹਿਮ ਮਸਲਾ ਉਜਾਗਰ ਕੀਤਾ ਹੈ।

Share this Article
Leave a comment