‘ਪੰਜਾਬੀ ‘ਚ 50 ਫੀਸਦੀ ਤੋਂ ਘੱਟ ਨੰਬਰ ਆਉਣ ‘ਤੇ ਨਹੀਂ ਮਿਲੇਗੀ ਸਰਕਾਰੀ ਨੌਕਰੀ

Rajneet Kaur
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵੱਖ-ਵੱਖ ਪ੍ਰੋਗਰਾਮਾਂ ਤੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਰਵਿਸਿਸਜ਼ ਨਿਯਮ-1994 ਦੇ ਨਿਯਮ-17 ਅਤੇ ਪੰਜਾਬ ਰਾਜ ਸੇਵਾ ਨਿਯਮ-1963 ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਪੰਜਾਬ ਸਰਕਾਰ ‘ਚ ਸਰਕਾਰੀ ਨੌਕਰੀਆਂ ਵਿਚ ਅਜਿਹੇ ਉਮੀਦਵਾਰਾਂ ਦੀ ਹੀ ਨਿਯੁਕਤੀ ਹੋਵੇਗੀ ਜੋ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਦੇ ਹੋਣ।

ਪੰਜਾਬ ਸਿਵਲ ਸਰਵਿਸਿਜ਼ ਨਿਯਮ-1994 ਦੇ ਨਿਯਮ 17 ਮੁਤਾਬਕ ਕੀਤੀ ਗਈ ਵਿਵਸਥਾ ਅਨੁਸਾਰ ਉਦੋਂ ਤੱਕ ਗਰੁੱਪ-ਸੀ  ‘ਚ ਕਿਸੇ ਵੀ ਅਹੁਦੇ ਲਈ ਵਿਅਕਤੀ ਨਿਯੁਕਤ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਉਹ ਮੈਟ੍ਰਿਕ ਪੱਧਰ ਦੇ ਬਰਾਬਰ ਪੰਜਾਬੀ ਭਾਸ਼ਾ ਦੀ ਯੋਗਤਾ ਪ੍ਰੀਖਿਆ ਘੱਟ ਤੋਂ ਘੱਟ 50 ਫੀਸਦੀ ਅੰਕਾਂ ਨਾਲ ਪਾਸ ਨਹੀਂ ਕਰਦਾ।

ਮੁੱਖ ਮੰਤਰੀ ਨੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ‘ਚੋਂ ਝੋਨੇ ਦੀ ਨਿਰਵਿਘਨ ਖਰੀਦ ਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਦੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਹਰ ਦਾਣਾ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਤਸੱਲੀ ਪ੍ਰਗਟਾਈ ਕਿ ਸੂਬੇ ਭਰ ਦੀਆਂ ਮੰਡੀਆਂ ‘ਚ ਕਰੀਬ 50 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਕਿਸਾਨਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਮੁਕੰਮਲ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਜੀਵਨ ਲਈ ਵੀ ਵੱਡਾ ਖਤਰਾ ਪੈਦਾ ਹੁੰਦਾ ਹੈ। ਸੀਐਮ ਮਾਨ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ‘ਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment