ਨਵੀਂ ਦਿੱਲੀ: ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਲੋਕਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ, ਕਿਉਂਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕੁਝ ਰਾਜਾਂ ਵਿੱਚ ਹਲਕੀ ਬਾਰਿਸ਼ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 16 ਦਸੰਬਰ ਨੂੰ ਕੁਝ ਰਾਜਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਵੀ ਦਿੱਤੀ ਹੈ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਹੈ ਕਿ ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ 18 ਤੋਂ 20 ਦਸੰਬਰ ਤੱਕ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, IMD ਨੇ 16 ਅਤੇ 17 ਦਸੰਬਰ ਨੂੰ ਸਵੇਰ ਦੇ ਸਮੇਂ ਪੰਜਾਬ, ਅਸਾਮ, ਮੇਘਾਲਿਆ, ਮਨੀਪੁਰ, ਨਾਗਾਲੈਂਡ, ਤ੍ਰਿਪੁਰਾ ਅਤੇ ਮਿਜ਼ੋਰਮ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ।
ਮੌਸਮ ਵਿਭਾਗ (IMD) ਅਨੁਸਾਰ ਅਗਲੇ 3 ਦਿਨਾਂ ਦੌਰਾਨ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ 16 ਦਸੰਬਰ ਨੂੰ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਅਗਲੇ ਤਿੰਨ ਦਿਨਾਂ ਤੱਕ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ, ਜਦੋਂ ਕਿ ਉੱਤਰਾਖੰਡ ਵਿੱਚ 16 ਅਤੇ 17 ਦਸੰਬਰ ਨੂੰ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।