ਪਟਿਆਲਾ – ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਸਰਕਾਰ ਖਿਲਾਫ ਮੁੜ ਤੋਂ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਭਲਕੇ 10 ਜੂਨ ਨੂੰ 12 ਵਜੇ ਤੋਂ ਬਾਅਦ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਥੇਬੰਦੀ ਵੱਲੋਂ 11 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ 9 ਜੂਨ ਨੂੰ ਰਾਜ ਭਰ ਵਿੱਚ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਵੱਲੋਂ ਸੰਕੇਤ ਚੱਕਾ ਜਾਮ ਕਰਕੇ ਹੜਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾ ਨਜਰ-ਅੰਦਾਜ ਕਰਕੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼ਘੰਰਸ਼ ਕਰਦੇ ਮੁਲਾਜ਼ਮਾਂ ’ਤੇ ਨਜਾਇਜ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ 4 ਸਾਲ ਤੋ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇੱਕ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਅਤੇ ਇੱਕ ਵੀ ਮੁਲਾਜ਼ਮ ਪੱਕਾ ਨਹੀ ਕੀਤਾ ਗਿਆ, ਜਿਸ ਦੇ ਰੋਸ ਵਿੱਚ ਜਥੇਬੰਦੀ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੜਾਧੜ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾਕੇ ਨਿੱਜੀਕਰਨ ਦਾ ਰਸਤਾ ਸਾਫ਼ ਕੀਤਾ ਜਾ ਰਿਹਾ ਹੈ।

