ਨਾਗਰਿਕ ਸੇਵਾਵਾਂ ਵਿੱਚ ਸੁਧਾਰ ਲਈ ਵਿਸ਼ਵ ਬੈਂਕ ਨੇ ਕੀਤੀ ਸੂਬੇ ਦੀ ਸ਼ਲਾਘਾ
ਚੰਡੀਗੜ੍ਹ : ਇਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਆਪਣੇ ਨਾਗਰਿਕਾਂ ਨੂੰ ਡਾਟਾ ਆਧਾਰਤ ਮਜ਼ਬੂਤ ਪ੍ਰਸ਼ਾਸਨ ਪ੍ਰਦਾਨ ਕਰਨ ਹਿੱਤ ਡਾਟਾ ਪਾਲਿਸੀ ਲਾਗੂ ਕਰਨ ਵਾਲੇ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਇਹ ਪ੍ਰਗਟਾਵਾ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਸ਼ਵ ਬੈਂਕ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ।
ਵਿਸ਼ਵ ਬੈਂਕ ਨੇ ਸੁਧਾਰਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਇਹ ਸੁਧਾਰ ਦਸੰਬਰ 2020 ਵਿੱਚ ਨੋਟੀਫਾਈ ਕੀਤੀ ਗਈ ਪੰਜਾਬ ਸਟੇਟ ਡਾਟਾ ਪਾਲਿਸੀ ਲਾਗੂ ਕਰਨ ਨਾਲ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਜਵਾਬਦੇਹੀ, ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਵਿੱਚ ਵਾਧਾ ਕਰਨਗੇ।
ਮੁੱਖ ਸਕੱਤਰ ਵਿਸ਼ਵ ਬੈਂਕ ਸਮੂਹ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਜਾ ਰਹੇ ਕਰਜ਼ੇ ਦਾ ਜਾਇਜ਼ਾ ਲੈਣ ਲਈ ਇਕ ਵਰਚੁਅਲ ਸਮੀਖਿਆ ਮੀਟਿੰਗ ਕਰ ਰਹੇ ਸਨ।
- Advertisement -
ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇ ਕਰਜ਼ੇ ਦੀ ਪ੍ਰਕਿਰਿਆ ਅਧੀਨ ਪ੍ਰਮੁੱਖ ਰਸਮੀ ਕਾਰਵਾਈਆਂ ਅਤੇ ਮੁਲਾਂਕਣਾਂ ਨੂੰ ਮੁਕੰਮਲ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਅਤੇ ਜਲਵਾਯੂ ਪਰਿਵਰਤਨ ਦੀ ਸਥਿਤੀ ਵਿੱਚ ਸੁਧਾਰ ਦੇ ਏਜੰਡੇ ਸਬੰਧੀ ਸੂਬਾ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।
ਇਸ ਤੋਂ ਇਲਾਵਾ ਵਿਸ਼ਵ ਬੈਂਕ ਨੇ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਮਹੱਤਵਪੂਰਨ ਸੁਧਾਰ ਲਿਆਉਣ ਲਈ ਪ੍ਰਕ੍ਰਿਆਵਾਂ ਵਿਚ ਸੁਧਾਰ ਅਤੇ ਸਮਰੱਥਾ ਵਧਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਕਾਰਜਾਂ ਦੀ ਵੀ ਸ਼ਲਾਘਾ ਕੀਤੀ।
ਸੂਬਾ ਸਰਕਾਰ ਵੱਲੋਂ ਲਿੰਗ ਅਨੁਪਾਤ ਅਤੇ ਵਾਤਾਵਰਣ ਵਿੱਚ ਸੁਧਾਰ ਲਿਆਉਣ ਲਈ ਕੀਤੇ ਗਏ ਸਖ਼ਤ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ ਗਈ।
ਮੁੱਖ ਸਕੱਤਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਵਿਸ਼ਵ ਬੈਂਕ ਨਾਲ ਮਿਲ ਕੇ ਜਲਵਾਯੂ ਪਰਿਵਰਤਨ ਦੀ ਸਥਿਰਤਾ, ਅੰਕੜਿਆਂ ਦੇ ਆਧਾਰ ‘ਤੇ ਫੈਸਲੇ ਲੈਣ ਅਤੇ ਬਿਹਤਰ ਪ੍ਰਸ਼ਾਸਨ ਲਈ ਵਧੇਰੇ ਸਮਰੱਥਾ ਅਤੇ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਕੰਮ ਕਰਨ ਲਈ ਵਚਨਬੱਧ ਹੈ।
ਵਿਸ਼ਵ ਬੈਂਕ ਨੇ ਯੋਜਨਾਬੱਧ ਏਜੰਡੇ ਤਹਿਤ ਸੂਬੇ ਦੇ ਵਿਭਾਗਾਂ ਨੂੰ ਸਹਿਯੋਗ ਦੇਣ ਲਈ ਆਈ.ਡਬਲਯੂ.ਡਬਲਯੂ.ਏ.ਜੀ.ਈ ਅਤੇ ਕੇ.ਪੀ.ਐਮ.ਜੀ. ਨਾਲ ਮਿਲ ਕੇ ਕੰਮ ਕਰਨ ਦਾ ਸਮਝੌਤਾ ਕੀਤਾ।
- Advertisement -
ਇਹ ਕਹਿੰਦਿਆਂ ਕਿ ਹੁਣ ਤੱਕ ਕੰਮ ਉਮੀਦ ਅਨੁਸਰ ਚੱਲ ਰਿਹਾ ਹੈ ਮੁੱਖ ਸਕੱਤਰ ਨੇ ਵਿਭਾਗਾਂ ਵਿਸ਼ੇਸ਼ ਤੌਰ ‘ਤੇ ਵਿੱਤ ਵਿਭਾਗ, ਜੋ ਕਿ ਇੱਕ ਨੋਡਲ ਵਿਭਾਗ ਹੈ, ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਪ੍ਰਜੈਕਟ ਨਾਲ ਸਬੰਧਤ ਸਾਰੀਆਂ ਸਮਾਂ-ਸੀਮਾਵਾਂ ਨੂੰ ਪੂਰਾ ਕਰਨ ਦੇ ਨਾਲ ਨਾਲ ਪ੍ਰਾਜੈਕਟ ਦੇ ਸੁਚਾਰੂ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ਼੍ਰੀਵਾਸਤਵ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ।