ਚੰਡੀਗੜ੍ਹ: ਰੂਪਨਗਰ ਵਿੱਚ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਆਸ਼ਾ ਵਰਕਰਾਂ ਦੇ ਵਿਰੋਧ ਅਤੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਆਸ਼ਾ ਵਰਕਰਾਂ ਨੇ ਸਰਕਾਰ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਯਾਦ ਕਰਵਾਏ।
ਸਿਹਤ ਮੰਤਰੀ ਜਦੋਂ ਆਸ਼ਾ ਵਰਕਰਾਂ ਨਾਲ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਬਾਰੇ ਗੱਲ ਕਰ ਰਹੇ ਸਨ ਤਾਂ ਆਸ਼ਾ ਵਰਕਰਾਂ ਨੇ ਉਨ੍ਹਾਂ ਨੂੰ ਵਾਅਦਿਆਂ ਬਾਰੇ ਸਵਾਲ ਪੁੱਛੇ। ਵਰਕਰਾਂ ਨੇ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਮਿਲਣ ਵਾਲੀ ਰਕਮ 2500 ਰੁਪਏ ਤੋਂ ਵਧਾ ਕੇ 5000 ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਹੋਇਆ।
ਇਸ ‘ਤੇ ਸਿਹਤ ਮੰਤਰੀ ਨੇ ਆਸ਼ਾ ਵਰਕਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਹੋਰ ਸ੍ਰੋਤਾਂ ਰਾਹੀਂ ਉਨ੍ਹਾਂ ਦੀ ਆਮਦਨ ਵਧਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਆਸ਼ਾ ਵਰਕਰਾਂ ਨੇ ਆਪਣੀ ਮੰਗ ‘ਤੇ ਡਟੇ ਰਹਿੰਦਿਆਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਦਾ ਅਸਰ ਆਉਣ ਵਾਲੀਆਂ ਚੋਣਾਂ ਵਿੱਚ ਵੇਖਣ ਨੂੰ ਮਿਲੇਗਾ।
ਇਸ ਦੌਰਾਨ ਸਿਹਤ ਬੀਮਾ ਯੋਜਨਾ ਵਿੱਚ ਆ ਰਹੀਆਂ ਕਮੀਆਂ ਬਾਰੇ ਵੀ ਸਿਹਤ ਮੰਤਰੀ ਨੂੰ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਕੁਝ ਲੋਕਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਬੀਮਾ ਕਾਰਡ ਨਹੀਂ ਬਣੇ ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਸੁਵਿਧਾਵਾਂ ਨਾ ਵਧਣ ਦੇ ਸਵਾਲ ‘ਤੇ ਸਿਹਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ੍ਰੀ ਅੰਨਦਪੁਰ ਸਾਹਿਬ ਅਤੇ ਰੋਪੜ ਵਿੱਚ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸੂਬੇ ਵਿੱਚ ਬਣ ਰਹੇ ਨਵੇਂ ਮੈਡੀਕਲ ਕਾਲਜਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 9 ਮੈਡੀਕਲ ਕਾਲਜ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 3 ਸਰਕਾਰੀ ਅਤੇ 6 ਨਿੱਜੀ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਨਿਵੇਸ਼ ਵਧੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

