ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਬੈਠਣਗੇ ਭੁੱਖ ਹੜਤਾਲ ‘ਤੇ

TeamGlobalPunjab
3 Min Read

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ ਕੌਮੀ ਕਿਸਾਨ ਦਿਵਸ ਮੌਕੇ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਹ ਦਾ ਪ੍ਰਗਟਾਵਾ ਕਰਦਿਆਂ ਭੁੱਖ ਹੜਤਾਲ ’ਤੇ ਬੈਠਣਗੇ।

ਇਸ ਸਬੰਧੀ ਟਵੀਟ ਕਰਦਿਆਂ ਸਿੰਗਲਾ ਨੇ ਕਿਹਾ, ‘‘ਮੈਂ ਕਿਸਾਨ ਦਿਵਸ ਮੌਕੇ ਆਪਣੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਦੇ ਸਮਰਥਨ ਲਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਭੁੱਖ ਹੜਤਾਲ ‘ਤੇ ਬੈਠਾਂਗਾ।”

‘‘ਮੈਂ ਸਭਨਾਂ ਨੂੰ ਅਪੀਲ ਕਰਦਾ ਹਾਂ ਕਿ ਕੇਂਦਰ ਦੀ ਜ਼ਾਲਮ ਸਰਕਾਰ ਅਤੇ ਇਸ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਇੱਕਜੁਟਤਾ ਨਾਲ ਖੜ੍ਹੇ ਹੋਈਏ।”

ਸਿੰਗਲਾ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਕੇਂਦਰ ਦੀ ਜਾਬਰ ਸਰਕਾਰ ਅਤੇ ਇਸ ਦੀਆਂ ਮਾਰੂ ਨੀਤੀਆਂ ਵਿਰੁੱਧ ਅਤੇ ਕਿਸਾਨੀ ਭਾਈਚਾਰੇ ਨਾਲ ਇੱਕਜੁਟਤਾ ਨਾਲ ਖੜ੍ਹੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਇਸ ਨਾਲ ਜੁੜੇ ਵਰਗਾਂ ਵਿਚ ਆਪਸੀ ਫੁੱਟ ਪਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਿਨੋ-ਦਿਨ ਸਿਖ਼ਰਾਂ ਵੱਲ ਜਾ ਰਿਹਾ ਹੈ ਅਤੇ ਇਹ ਵਿਰੋਧ ਕਿਸਾਨਾਂ ਦੇ ਬਣਦੇ ਹੱਕ ਮਿਲਣ ਉਪਰੰਤ ਹੀ ਖ਼ਤਮ ਹੋਵੇਗਾ।

ਪੰਜਾਬ ਦੇ ਆੜ੍ਹਤੀਆਂ ‘ਤੇ ਆਮਦਨ ਕਰ ਵਿਭਾਗ ਦੀਆਂ ਛਾਪੇਮਾਰੀਆਂ ਨੂੰ ਕੋਝੀਆਂ ਚਾਲਾਂ ਦੱਸਦਿਆਂ ਸਿੰਗਲਾ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆੜ੍ਹਤੀ ਭਾਈਚਾਰੇ ਵੱਲੋਂ ਕਿਸਾਨਾਂ ਨੂੰ ਪੂਰਣ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਗ਼ੈਰ ਕਾਨੂੰਨੀ ਢੰਗ ਤਰੀਕੇ ਅਪਣਾਉਂਦਿਆਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, ‘‘ਭਾਜਪਾ ਆਗੂ ਆੜ੍ਹਤੀਆਂ ਅਤੇ ਕਿਸਾਨਾਂ ਦੇ ਪੀੜ੍ਹੀ-ਦਰ-ਪੀੜ੍ਹੀ ਚੱਲੇ ਆ ਰਹੇ ਰਿਸ਼ਤਿਆਂ ਨੂੰ ਖ਼ਤਮ ਕਰਨ ਵਿਚ ਸਫਲ ਨਹੀਂ ਹੋਣਗੇ।”

ਸਿੰਗਲਾ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਆੜ੍ਹਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਆੜ੍ਹਤੀ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ।

Share This Article
Leave a Comment